ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਊਢੀ ਤੋਂ ਖ਼ਾਲਸਾ ਪੰਥ ਦੇ ਨਾਮ ਸੰਦੇਸ਼ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਪਾਤਸ਼ਾਹ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਆਪ ਕਰਕੇ ਸਿੱਖਾਂ ਅਤੇ ਸਮੁੱਚੀ ਲੋਕਾਈ ਨੂੰ ਇੱਕ ਐਸੇ ਸੱਚੇ ਤਖ਼ਤ ਦੀ ਬਖ਼ਸ਼ਿਸ਼ ਕੀਤੀ ਜਿਹੜਾ ਹਮੇਸ਼ਾ ਹੀ ਹੱਕ, ਸੱਚ, ਨਿਆਂ ਅਤੇ ਧਰਮ ਦੇ ਬੋਲ-ਬਾਲਿਆਂ ਲਈ ਅਗਾਂਹ ਹੋ ਕੇ ਸੇਧ ਦਿੰਦਾ ਹੈ। ਬੰਦੀ ਛੋੜ ਦਿਵਸ ਮੌਕੇ ਸਮੁੱਚੇ ਖਾਲਸਾ ਪੰਥ ਨੂੰ -ਬਹੁਤ ਵਧਾਈ ਹੋਵੇ।
ਇਸ ਮੌਕੇ ਉਨ੍ਹਾਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਸਰਕਾਰ ਤੋਂ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ 2019 ਵਿੱਚ ਜਾਰੀ ਕੀਤੀ ਆਪਣੀ ਨੋਟੀਫਿਕੇਸ਼ਨ ਨੂੰ ਪੂਰੀ ਤਰ੍ਹਾਂ ਲਾਗੂ ਕਰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਕੇ ਉਨ੍ਹਾਂ ਨੂੰ ਵੀ ਰਿਹਾਅ ਕਰਨਾ ਚਾਹੀਦਾ ਹੈ। ਹਰ ਗੁਰੂ ਘਰ ਅੰਦਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇ।
ਜਥੇਦਾਰ ਸਾਹਿਬ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਆਪ ਮੀਰੀ ਪੀਰੀ ਦਾ ਸਿਧਾਂਤ ਬਖ਼ਸ਼ਿਆ ਹੈ ਜੋ ਇਹ ਦੱਸਦਾ ਹੈ ਕਿ ਸਿੱਖ ਨੇ ਜਿੱਥੇ ਧਾਰਮਿਕ, ਪਰਵਾਰਿਕ, ਸਮਾਜਿਕ ਅਤੇ ਆਰਥਿਕ ਤੌਰ ਉੱਤੇ ਤਕੜਾ ਹੋਣਾ ਹੈ, ਉੱਥੇ ਹੀ ਆਲਮੀ ਪੱਧਰ ਉੱਤੇ ਰਾਜਸੀ ਤੌਰ ਉੱਤੇ ਵੀ ਤਕੜਾ ਹੋਣਾ ਹੈ। ਅੱਜ ਸਿੱਖ ਵਿਸ਼ਵ ਭਰ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦਾ ਹੈ। ਸਿੱਖ ਆਪਣੀ ਇਮਾਨਦਾਰ ਤੇ ਲਿਆਕਤ ਨਾਲ ਜਿੱਥੇ-ਜਿੱਥੇ ਵੱਸੇ ਉਨ੍ਹਾਂ ਨੇ ਸ਼ਰਧਾ ਭਾਵਨਾ ਨਾਲ ਸੁੰਦਰ ਗੁਰਦੁਆਰਾ ਸਾਹਿਬ ਸਥਾਪਤ ਕੀਤਾ।
ਜਿਵੇਂ ਕਿ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਹੋਏ ਹਨ ਕਿ ਕਿਸੇ ਵੀ ਪ੍ਰਾਣੀ ਨੂੰ ਗੁਰਦੁਆਰਾ ਸਾਹਿਬ ਆਉਣ ਤੋਂ ਨਹੀਂ ਏਕਿਆ ਜਾ ਸਕਦਾ। ਪਰੰਤੂ ਪਿਛਲੇ ਕੁਝ ਸਮੇਂ ਤੋਂ ਵਿਦੇਸ਼ਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਪੰਥ ਦੇ ਹਿਤਾਂ ਵਿੱਚ ਨਹੀਂ ਕਿ ਅਸੀਂ ਆਪਣੇ ਨਿੱਜੀ ਹਿੱਤਾਂ ਲਈ ਜਾਂ ਕਾਨੂੰਨ ਦਾ ਸਹਾਰਾ ਲੈ ਕੇ ਕਿਸੇ ਨੂੰ ਗੁਰੂ ਘਰ ਆਉਣ ਤੋਂ ਰੋਕੀਏ। ਸਿੱਖ ਕੌਮ ਇੱਕ ਸਾਂਝਾ ਪਰਿਵਾਰ ਹੈ। ਇਸ ਲਈ ਸਾਡਾ ਇਕਜੁੱਟ ਰਹਿਣਾ ਮਹੱਤਵਪੂਰਨ ਹੈ।
ਇਹ ਗੁਰੂ ਸਾਹਿਬਾਨ ਜੀ ਦੀ ਬਖ਼ਸ਼ਿਸ਼ ਹੈ ਕਿ ਸਿੱਖ ਕੌਮ ਵਿੱਚ ਕੋਈ ਵੀ ਆਪਸੀ ਵਖਰੇਵਾਂ ਇੰਨਾ ਵੱਡਾ ਨਹੀਂ, ਜਿਸ ਨੂੰ ਅਧਾਰ ਬਣਾ ਕੇ ਕੋਈ ਕੌਮ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰੇ। ਕੌਮ ਵਿੱਚ ਐਸਾ ਕੋਈ ਵਖਰੇਵਾਂ ਨਹੀਂ, ਸਗੋਂ ਸਿੱਖ ਕੌਮ ਖਾਲਸਾ ਪੰਥ ਇੱਕ ਸਾਂਝਾ ਪਰਿਵਾਰ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਤੇ ਪਾਕਿਸਤਾਨ ਵਿਚਕਾਰ ਕੁਝ ਤਲਖ ਮਾਹੌਲ ਕਾਰਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ, ਪਰ ਸਿੱਖ ਕੌਮ ਦੀ ਇਹ ਭਾਵਨਾ ਹੈ ਕਿ ਇਹ ਲਾਂਘਾ ਜਲਦ ਹੀ ਖੋਲ੍ਹਿਆ ਜਾਵੇ ਤਾਂ ਜੇ ਦੇਵਾਂ ਮੁਲਕਾਂ ਵਿੱਚ ਆਪਸੀ ਪ੍ਰੇਮ ਤੇ ਸਦਭਾਵਨਾ ਦਾ ਪੈਗਾਮ ਵਧੇ ਅਤੇ ਇਹ ਖਿੱਤੇ ਤਰੱਕੀਆਂ ਕਰਨ। ਗੁਰਮਤਿ ਦੇ ਮਹਾਨ ਫ਼ਲਸਫ਼ਿਆਂ ਦਾ ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚ ਪ੍ਰਚਾਰ-ਪ੍ਰਸਾਰ ਕਰਨ ਲਈ ਉਚੇਚੇ ਯਤਨਾਂ ਤੇ ਵੱਡੇ ਉਪਰਾਲਿਆਂ ਦੀ ਲੋੜ ਹੈ।
ਇਹ ਵੀ ਪੜ੍ਹੋ : ਦੀਵਾਲੀ ਵਾਲੇ ਦਿਨ ਜੁਗਾੜੂ ਪੋਟਾਸ਼ ਗੰਨ ‘ਚ ਬਾਰੂਦ ਭਰਦਿਆਂ ਜ਼ਬਰਦਸਤ ਧਮਾਕਾ, ਨੌਜਵਾਨ ਝੁਲਸਿਆ
ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਿਆਈ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸਾਕਾ ਇਸ ਸਾਲ ਨਵੰਬਰ ਮਹੀਨੇ ਵਿੱਚ ਸਮੁੱਚੇ ਖਾਲਸਾ ਪੰਥ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਦਿੱਲੀ ਵਿਖੇ ਮਨਾਇਆ ਜਾ ਰਿਹਾ ਹੈ, ਸੰਗਤ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰੇ।
ਵੀਡੀਓ ਲਈ ਕਲਿੱਕ ਕਰੋ -:
























