ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਹੈ। ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਫੈਸਲਾ ਲੈਣ ਕੀ ਪੈਰੋਲ ਦਿੱਤੀ ਜਾ ਸਕਦੀ ਹੈ ਜਾਂ ਫਿਰ ਨਹੀਂ।
ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਜਲਦੀ ਸੁਣਵਾਈ ਦੀ ਬੇਨਤੀ ਕੀਤੀ ਗਈ ਸੀ। ਇਹ ਅਪੀਲ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਦੇ ਸਾਹਮਣੇ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ : ਰੋਪੜ ਦਾ RTO ਗੁਰਵਿੰਦਰ ਸਿੰਘ ਜੌਹਲ ਮੁਅੱਤਲ, 350 ਸਾਲਾ ਸ਼ਹੀਦੀ ਸਮਾਗਮਾਂ ‘ਚ ਕੁਤਾਹੀ ਵਰਤਣ ਦੇ ਇਲਜ਼ਾਮ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ (1 ਤੋਂ 19 ਦਸੰਬਰ) ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲ ਨੇ ਐਨਐਸਏ ਦੀ ਧਾਰਾ 15 ਦਾ ਹਵਾਲਾ ਦਿੱਤਾ, ਜੋ ਅਸਾਧਾਰਨ ਹਾਲਤਾਂ ਵਿੱਚ ਪੈਰੋਲ ਦੀ ਆਗਿਆ ਦਿੰਦੀ ਹੈ। ਇਸ ਵਿਵਸਥਾ ਦੇ ਤਹਿਤ ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਨਜ਼ਰਬੰਦੀ ‘ਤੇ ਰੋਕ ਨਹੀਂ ਲਗਾਈ ਜਾਂਦੀ, ਉਹ ਸੰਸਦ ਸੈਸ਼ਨ ਵਿੱਚ ਕਿਵੇਂ ਸ਼ਾਮਲ ਹੋਣਗੇ। ਵਕੀਲ ਨੇ ਜਵਾਬ ਦਿੱਤਾ ਕਿ ਦੋਵੇਂ ਮਾਮਲੇ ਵੱਖਰੇ ਸਨ, ਅਤੇ ਧਾਰਾ 15 ਦੇ ਤਹਿਤ ਰਾਹਤ ਸੰਸਦ ਵਿੱਚ ਹਾਜ਼ਰ ਹੋਣ ਲਈ ਮੰਗੀ ਜਾ ਰਹੀ ਸੀ।
ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਪ੍ਰੈਲ 2023 ਤੋਂ ਪ੍ਰਿਵੈਂਟਿਵ ਡਿਟੈਂਨ ਵਿੱਚ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ 2024 ਦੀਆਂ ਲੋਕ ਸਭਾ ਚੋਣਾਂ ਲਗਭਗ 400,000 ਵੋਟਾਂ ਨਾਲ ਜਿੱਤੀਆਂ ਸਨ ਅਤੇ ਲਗਭਗ 19 ਲੱਖ ਵੋਟਰਾਂ ਦੀ ਨੁਮਾਇੰਦਗੀ ਕਰ ਰਹੇ ਹਨ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਨੂੰ ਪੈਰੋਲ ‘ਤੇ ਰਿਹਾਅ ਕਰਨ ਜਾਂ ਘੱਟੋ-ਘੱਟ ਸੰਸਦ ਸੈਸ਼ਨਾਂ ਦੌਰਾਨ ਉਨ੍ਹਾਂ ਦੀ ਨਿੱਜੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























