‘ਵੀਰ ਬਾਲ ਦਿਵਸ‘ ਨਾਮ ਨੂੰ ਲੈ ਕੇ ਪਹਿਲਾਂ ਹੀ ਸਿੱਖ ਪੰਥ ਵੱਲੋਂ ਰੋਸ ਜਤਾਇਆ ਜਾ ਰਿਹਾ ਸੀ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਜਾਰੀ ਪੋਸਟਰ ਨੂੰ ਲੈ ਕੇ ਇੱਕ ਹੋਰ ਵਿਵਾਦ ਖੜਾ ਹੋ ਗਿਆ ਹੈ। ਦਰਅਸਲ, ਬੀਤੇ ਕੱਲ੍ਹ ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ‘ ਮਨਾਉਣ ਸਬੰਧੀ ਇੱਕ ਪੋਸਟਰ ਜਾਰੀ ਹੋਇਆ ਹੈ। ਇਸ ਨੂੰ ਲੈ ਕੇ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ।

ਹਰਸਿਮਰਤ ਕੌਰ ਬਾਦਲ ਨੇ ਆਪਣੇ ਐਕਸ (ਪਹਿਲਾ ਟਵੀਟਰ) ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਲਿਖਿਆ ਕਿ ਕੇਂਦਰ ਵੱਲੋਂ ਪਹਿਲਾਂ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਅਣਦੇਖੀ ਕਰ ਕੇ ਅਤੇ ਸਿੱਖ ਮਰਿਆਦਾ ਦੇ ਖਿਲਾਫ਼ ਚੱਲ ਕੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ ਤੇ ਧੰਨ ਧੰਨ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ’ ਰੱਖਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਠੰਢ ਦਾ ਕਹਿਰ, ਕਈ ਜ਼ਿਲ੍ਹਿਆਂ ‘ਚ ਘਟੀ ਵਿਜ਼ੀਬਿਲਟੀ, 7 ਦਿਨਾਂ ਲਈ ਧੁੰਦ ਦਾ ਅਲਰਟ ਜਾਰੀ
ਉਨ੍ਹਾਂ ਅੱਗੇ ਲਿਖਿਆ ਕਿ ਹੁਣ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਨੂੰ ਗੈਰ ਸਿੱਖ ਵਿਚਾਰਧਾਰਾ ਨਾਲ ਜੋੜ ਕੇ ਪੇਸ਼ ਕਰਨ ਦਾ ਜੋ ਕੋਝਾ ਯਤਨ ਕੀਤਾ ਜਾ ਰਿਹਾ ਹੈ। ਇਹ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਹੈ। ਅਜਿਹਾ ਪ੍ਰਚਾਰ ਸਿੱਖ ਸਿਧਾਂਤਾਂ ’ਤੇ ਸਿੱਧਾ ਹਮਲਾ ਹੈ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਕੇਂਦਰ ਸਰਕਾਰ ਤੁਰੰਤ ਅਜਿਹੇ ਗੁਮਰਾਹਕੁੰਨ ਪ੍ਰਚਾਰ ਨੂੰ ਬੰਦ ਕਰੇ ਅਤੇ ਅਜਿਹੇ ਪ੍ਰੋਗਰਾਮਾਂ ਉੱਪਰ ਪੂਰਨ ਪਾਬੰਦੀ ਲਗਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























