ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕੇ ਗੁਰੂ ਕੀ ਵਡਾਲੀ ਵਿੱਚ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡਾ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖੁਦ ਮੌਕੇ ‘ਤੇ ਪਹੁੰਚੇ ਅਤੇ ਕਾਰਵਾਈ ਦੀ ਨਿਗਰਾਨੀ ਕੀਤੀ।
ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਬਹੁਤ ਵੱਡੀਆਂ ਕਾਮਯਾਬੀਆਂ ਮਿਲੀਆਂ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਲਗਭਗ 300 ਕਿਲੋ ਹੀਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 37 ਕਿਲੋ ਅਫੀਮ, 8 ਕਿਲੋ ਮੈਥਾਫੇਟਾਮਿਨ (ਆਈਸ), 9 ਕਿਲੋ ਗਾਂਜਾ, ਚਰਸ ਅਤੇ ਹੋਰ ਸਿੰਥੈਟਿਕ ਨਸ਼ੇ ਵੀ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੀ ਲੜੀ ਨੂੰ ਤੋੜਨ ਲਈ ਪੁਲਿਸ ਨੇ ਹੋਰ ਰਾਜਾਂ ਤੱਕ ਜਾ ਕੇ ਫੈਕਟਰੀਆਂ ਤੱਕ ਪਹੁੰਚ ਬਣਾਈ ਹੈ ਅਤੇ ਨਸ਼ਾ ਵੇਚਣ ਵਾਲਿਆਂ ਦੇ ਨੈੱਟਵਰਕ ਨੂੰ ਤਬਾਹ ਕੀਤਾ ਗਿਆ ਹੈ।
ਸੀਪੀ ਭੁੱਲਰ ਨੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਕੁੱਲ 2897 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਦੇ ਨਾਲ ਹੀ 4235 ਨਸ਼ੇੜੀਆਂ ਨੂੰ ਡੀ-ਐਡਿਕਸ਼ਨ ਸੈਂਟਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦਕਿ 3177 ਵਿਅਕਤੀਆਂ ਨੂੰ ਓਟ ਸੈਂਟਰਾਂ ਰਾਹੀਂ ਇਲਾਜ ਲਈ ਰਜਿਸਟਰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਸਿਰਫ਼ ਗ੍ਰਿਫ਼ਤਾਰੀਆਂ ਨਹੀਂ, ਸਗੋਂ ਨਸ਼ਾ ਛੱਡਣਾ ਚਾਹੁਣ ਵਾਲਿਆਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਵੀ ਹੈ। ਗੁਰੂ ਕੀ ਵਡਾਲੀ ਇਲਾਕੇ ਬਾਰੇ ਗੱਲ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਇਲਾਕਾ ਪੁਰਾਣੇ ਸਮੇਂ ਵਿੱਚ ਨਸ਼ਿਆਂ ਲਈ ਕਾਫ਼ੀ ਬਦਨਾਮ ਸੀ, ਪਰ ਅੱਜ ਲੋਕਾਂ ਦੇ ਫੀਡਬੈਕ ਤੋਂ ਇਹ ਸਪਸ਼ਟ ਹੈ ਕਿ ਪੁਲਿਸ ਦੀ ਮੁਹਿੰਮ ਬਹੁਤ ਪ੍ਰਭਾਵਸ਼ਾਲੀ ਰਹੀ ਹੈ। ਇਲਾਕੇ ਵਿੱਚ ਹੁਣ ਨਸ਼ਿਆਂ ਦੀ ਉਪਲਬਧਤਾ ਅਤੇ ਪ੍ਰਚਲਨ ਕਾਫ਼ੀ ਘੱਟ ਹੋਇਆ ਹੈ ਅਤੇ ਨਸ਼ਾ ਤਸਕਰਾਂ ਦੀ ਕਮਰ ਟੁੱਟ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਖਾਸ ਇਲਾਕੇ ਵਿੱਚ 17 ਐਫਆਈਆਰ ਦਰਜ ਕੀਤੀਆਂ ਗਈਆਂ ਹਨ, 39 ਮੁਲਜ਼ਮ ਗ੍ਰਿਫ਼ਤਾਰ ਹੋਏ ਹਨ, ਅੱਧੇ ਕਿਲੋ ਤੋਂ ਵੱਧ ਹੀਰੋਇਨ ਅਤੇ ਲਗਭਗ 69 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 11 ਵੱਖ-ਵੱਖ ਥਾਵਾਂ ‘ਤੇ ਇੰਟੈਲੀਜੈਂਸ ਅਧਾਰਿਤ ਟੀਮਾਂ ਤੈਨਾਤ ਕਰਕੇ ਸ਼ੱਕੀ ਵਿਅਕਤੀਆਂ ਅਤੇ ਹਾਟਸਪਾਟਾਂ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ, ਬੀਜ ਐਕਟ, FCI ਤੇ SYL ਦੇ ਮੁੱਦੇ ‘ਤੇ ਹੋਈ ਵਿਚਾਰ-ਚਰਚਾ
ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ “ਸੇਫ ਪੰਜਾਬ” ਐਪ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਗੁਪਤ ਤੌਰ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਅਤੇ ਪੁਲਿਸ ਤੁਰੰਤ ਕਾਰਵਾਈ ਕਰੇਗੀ। ਅੰਤ ਵਿੱਚ ਉਨ੍ਹਾਂ ਨੇ ਗੁਰੂ ਨਗਰੀ ਅੰਮ੍ਰਿਤਸਰ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਹੀ ਨਸ਼ਿਆਂ ਵਿਰੁੱਧ ਜੰਗ ਜਿੱਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























