ਹਰਿਆਣਾ ਸਰਕਾਰ ਨੇ ਸਾਰੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਸੰਬੰਧੀ ਇੱਕ ਵੱਡਾ ਅਤੇ ਅਹਿਮ ਫੈਸਲਾ ਲਿਆ ਹੈ। ਸਿੱਖ ਵਿਦਿਆਰਥੀ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ ਅਤੇ ਵਿਆਹੀਆਂ ਔਰਤਾਂ ਮੰਗਲਸੂਤਰ ਪਾ ਕੇ ਪ੍ਰੀਖਿਆ ਦੇ ਸਕਣਗੀਆਂ।
ਹਰਿਆਣਾ ਸਰਕਾਰ ਨੇ ਸੂਬੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਵੱਖ-ਵੱਖ ਭਰਤੀ ਏਜੰਸੀਆਂ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਅਤੇ ਵਿਆਹੀਆਂ ਮਹਿਲਾ ਉਮੀਦਵਾਰਾਂ ਨੂੰ ਪੇਸ਼ ਆਉਣ ਵਾਲੀਆਂ ਅਸੁਵਿਧਾਵਾਂ ਨੂੰ ਦੂਰ ਕਰਨ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਸਕੱਤਰ ਦਫ਼ਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਵੱਖ-ਵੱਖ ਪ੍ਰੀਖਿਆਵਾਂ ਦੇਣ ਵਾਲੇ ਸਿੱਖ ਵਿਦਿਆਰਥੀਆਂ ਅਤੇ ਉਮੀਦਵਾਰਾਂ ਨੂੰ ਨਿਰਧਾਰਤ ਮਾਪਦੰਡਾਂ ਮੁਤਾਬਕ ਕਿਰਪਾਨ ਰੱਖਣ ਦੀ ਇਜਾਜਤ ਦਿੱਤੀ ਗਈ ਹੈ।
ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕਿਰਪਾਨ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਦੋਂਕਿ ਇਸਦੇ ਬਲੇਡ ਦੀ ਲੰਬਾਈ 6 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ। ਅਜਿਹੇ ਉਮੀਦਵਾਰਾਂ ਨੂੰ ਤੈਅ ਸਮੇਂ ਤੋਂ ਘੱਟੋ-ਘੱਟ ਇੱਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ਵਿੱਚ ਰਿਪੋਰਟ ਕਰਨ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਜ਼ਰੂਰੀ ਜਾਂਚਾਂ ਅਤੇ ਰਸਮੀ ਕਾਰਵਾਈਆਂ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ।

ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਵਿਆਹੀਆਂ ਮਹਿਲਾ ਉਮੀਦਵਾਰਾਂ ਨੂੰ ਪ੍ਰੀਖਿਆ ਦੌਰਾਨ ਮੰਗਲਸੂਤਰ ਪਹਿਨਣ ਦੀ ਆਗਿਆ ਹੋਵੇਗੀ। ਅਜਿਹੇ ਉਮੀਦਵਾਰਾਂ ਨੂੰ ਜ਼ਰੂਰੀ ਪ੍ਰਕਿਰਿਆਵਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਤੈਅ ਸਮੇਂ ਤੋਂ ਘੱਟੋ-ਘੱਟ 30 ਮਿੰਟ ਪਹਿਲਾਂ ਪ੍ਰੀਖਿਆ ਕੇਂਦਰ ਵਿੱਚ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਫੈਸਲਾ ਦਿੱਲੀ ਹਾਈ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵੱਖ-ਵੱਖ ਫੈਸਲਿਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲਿਆ ਗਿਆ ਹੈ, ਜਿਨ੍ਹਾਂ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਅਧਿਕਾਰਾਂ ਦੀ ਸੁਰੱਖਿਆ ਦੇ ਨਾਲ-ਨਾਲ ਪ੍ਰੀਖਿਆਵਾਂ ਦੇ ਨਿਰਪੱਖ ਅਤੇ ਵਿਵਸਥਿਤ ਸੰਚਾਲਨ ‘ਤੇ ਜ਼ੋਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਬਦਮਾਸ਼ ਮਨੀ ਸੂਰਮਾ ਢੇਰ, ਹਸਪਤਾਲੋਂ ਫਰਾਰ ਹੋਣ ਮਗਰੋਂ ਹੋਇਆ ਪੁਲਿਸ ਐਨਕਾਊਂਟਰ
ਸੂਬਾ ਸਰਕਾਰ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧੀਨ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਭਰਤੀ ਏਜੰਸੀਆਂ ਦੇ ਮੁਖੀਆਂ ਨੂੰ ਜ਼ਰੂਰੀ ਹੁਕਮ ਜਾਰੀ ਕਰਨ ਤਾਂ ਜੋ ਪ੍ਰੀਖਿਆ ਡਿਊਟੀ ‘ਤੇ ਤਾਇਨਾਤ ਅਧਿਕਾਰੀ, ਸੁਪਰਵਾਈਜ਼ਰ ਅਤੇ ਸੁਰੱਖਿਆ ਕਰਮਚਾਰੀ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਹੋਣ ਅਤੇ ਉਮੀਦਵਾਰਾਂ ਨੂੰ ਕਿਸੇ ਵੀ ਪੱਧਰ ‘ਤੇ ਕਿਸੇ ਵੀ ਬੇਲੋੜੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਵੀਡੀਓ ਲਈ ਕਲਿੱਕ ਕਰੋ -:
























