ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਧਾਨ ਸਭਾ ਖੇਤਰ ਅਧੀਨ ਪੈਂਦੇ ਪਿੰਡ ਤਰਸਿੱਕਾ ਤੋਂ ਇਕ ਵਾਰਦਾਤ ਸਾਹਮਣੇ ਆਈ ਹੈ। ਇਥੇ ਪੰਜਾਬ ਨੈਸ਼ਨਲ ਬੈਂਕ ਦੇ ਏਟੀਐੱਮ ਦੇ ਬਾਹਰ ਬੀਤੇ ਦਿਨੀਂ ਦਿਨ-ਦਿਹਾੜੇ ਫਾਇਰਿੰਗ ਦੀ ਘਟਨਾ ਨੇ ਇਲਾਕੇ ਵਿਚ ਦਹਿਸ਼ਤ ਫੈਲਾ ਦਿੱਤੀ। ਇਸ ਪੂਰੀ ਵਾਰਦਾਤ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈਆਂ ਹਨ।
ਜਾਣਕਾਰੀ ਮੁਤਾਬਕ ਤਰਸਿੱਕਾ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏਟੀਐੱਮ ‘ਤੇ ਉਸ ਸਮੇਂ ਗੋਲੀਆਂ ਚਲੀਆਂ ਜਦੋਂ ਇਕ ਵਿਅਕਤੀ ਆਪਣੀ ਧੀ ਦੇ ਨਾਲ ATM ਤੋਂ ਪੈਸੇ ਕਢਵਾਉਣ ਪਹੁੰਚਿਆ ਸੀ। ਪੀੜਤ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ ਜੋ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਪੰਜਾਬ ਪਰਤਿਆ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਏਟੀਐੱਮ ਦੇ ਬਾਹਰ ਪਹਿਲਾਂ ਤੋਂ ਮੌਜੂਦ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਸਨ ਜਿਵੇਂ ਹੀ ਬਲਜੀਤ ਸਿੰਘ ATM ਤੋਂ ਪੈਸੇ ਕਢਾ ਰਿਹਾ ਸੀ ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਗੋਲੀ ਬਲਜੀਤ ਸਿੰਘ ਦੇ ਮੋਢੇ ਤੇ ਬਾਂਹ ਦੇ ਉਪਰੀ ਹਿੱਸੇ ਵਿਚ ਜਾ ਲੱਗੀ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਲੁਧਿਆਣਾ : ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋ/ਲੀ ਮਾ.ਰ ਕੇ ਕ/ਤਲ, ਪਰਿਵਾਰ ਨੇ ਦੋਸਤ ‘ਤੇ ਜਤਾਇਆ ਕ/ਤਲ ਦਾ ਸ਼ੱਕ
ਘਟਨਾ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਬਲਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਇਲਾਕੇ ਨੂੰ ਘੇਰ ਲਿਆ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਫਾਇਰਿੰਗ ਪਿੱਛੇ ਲੁੱਟ ਦੀ ਕੋਸ਼ਿਸ਼ ਸੀ ਜਾਂ ਕੋਈ ਪੁਰਾਣੀ ਰੰਜਿਸ਼ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਘਟਨਾ ਦੇ ਬਾਅਦ ਸਥਾਨਕ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
























