ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਹੋਵੇਗਾ। ਇਹ ਜਾਣਕਾਰੀ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਹੈੱਡਕੁਆਰਟਰ ਵਿਖੇ ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਧਾਮੀ ਨੇ ਦੱਸਿਆ ਕਿ ਇਸ ਇਜਲਾਸ ਵਿੱਚ ਧਾਰਾ 85 ਅਧੀਨ ਗੁਰਦੁਆਰਿਆਂ, ਟਰੱਸਟਾਂ ਅਤੇ ਵਿਦਿਅਕ ਸੰਸਥਾਵਾਂ ਦੇ ਨਾਲ-ਨਾਲ ਧਾਰਾ 87 ਅਧੀਨ ਗੁਰਦੁਆਰਿਆਂ ਦੇ ਬਜਟ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਬੋਰਡ, ਪ੍ਰਿੰਟਿੰਗ ਪ੍ਰੈਸ ਅਤੇ ਹੋਰ ਸੰਸਥਾਵਾਂ ਦੇ ਆਮਦਨ ਅਤੇ ਖਰਚ ਦੇ ਵੇਰਵੇ ਵੀ ਪੇਸ਼ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਦੇ 300ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ 11 ਮਾਰਚ ਤੋਂ 14 ਮਾਰਚ ਤੱਕ ਆਯੋਜਿਤ ਕੀਤੇ ਜਾਣਗੇ। ਨਗਰ ਕੀਰਤਨ 11 ਮਾਰਚ ਨੂੰ ਅਤੇ ਗੁਰਮਤਿ ਸਮਾਗਮ 12 ਤੋਂ 14 ਮਾਰਚ ਤੱਕ ਹੋਣਗੇ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹੁਣ ਆਪਣਾ ਯੂਟਿਊਬ ਚੈਨਲ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੱਖ-ਵੱਖ ਸੈਟੇਲਾਈਟ ਚੈਨਲਾਂ ਨਾਲ ਗੱਲਬਾਤ ਕੀਤੀ ਗਈ ਸੀ, ਪਰ ਧਾਰਮਿਕ ਚੈਨਲ ਚਲਾਉਣ ਲਈ ਭਾਰੀ ਖਰਚੇ ਦੀ ਮੰਗ ਕੀਤੀ ਜਾ ਰਹੀ ਸੀ, ਇਸ ਲਈ ਸ਼੍ਰੋਮਣੀ ਕਮੇਟੀ ਨੇ ਆਪਣਾ ਡਿਜੀਟਲ ਪਲੇਟਫਾਰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਅਤੇ ਵੱਖਰੇ ਕਾਨੂੰਨ ਬਣਾਉਣਾ ਜ਼ਰੂਰੀ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਤਾ ਗੱਦੀ ਪ੍ਰਾਪਤ ਹੈ ਅਤ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਇਸ ਲਈ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਸ ਮੁੱਦੇ ‘ਤੇ ਗੰਭੀਰ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : CBSE ਦਾ ਵੱਡਾ ਫੈਸਲਾ, ਅਰਬ ਮੁਲਕਾਂ ‘ਚ ਰੱਦ ਕੀਤੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ
SGPC ਪ੍ਰਧਾਨ ਨੇ ਇਹ ਵੀ ਕਿਹਾ ਕਿ ਕਈ ਪ੍ਰੀਖਿਆ ਕੇਂਦਰਾਂ ‘ਤੇ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਹੈ, ਜੋ ਕਿ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਹੈ। ਸਰਕਾਰਾਂ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦਾ ਪੂਰਾ ਸਤਿਕਾਰ ਯਕੀਨੀ ਬਣਾਉਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























