ਆਸ਼ਰਿਤ ਬੱਚਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲਾ ਕੀਤਾ ਗਿਆ ਹੈ। ਆਸ਼ਰਿਤ ਬੱਚਿਆਂ ਲਈ ਸੂਬਾ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ ਤੇ ਇਸ ਦੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਸ਼ਰਿਤ ਅਤੇ ਨਿਰਭਰ ਬੱਚਿਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਸੇ ਤਹਿਤ ਵਿੱਤੀ ਸਾਲ 2026-27 ਦੌਰਾਨ ਮਹੀਨਾ ਮਾਰਚ ਲਈ ਪੰਜਾਬ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਲੋੜਵੰਦ 2.36 ਲੱਖ ਤੋਂ ਵੱਧ ਬੱਚਿਆਂ ਨੂੰ ਸਕੀਮ ਦਾ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਦੌਰਾਨ 432.78 ਕਰੋੜ ਰੁਪਏ ਦਾ ਬਜਟ ਵੀ ਉਪਲਬਧ ਕਰਵਾਇਆ ਗਿਆ ਹੈ, ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਆਸ਼ਰਿਤ ਬੱਚਿਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੱਖਾਂ ਆਸ਼ਰਿਤ ਬੱਚਿਆਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਉਦੇਸ਼ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਬੱਚਾ ਆਰਥਿਕ ਤੰਗੀ ਕਾਰਨ ਆਪਣੇ ਭਵਿੱਖ ਤੋਂ ਵਾਂਝਾ ਨਾ ਰਹੇ।
ਇਹ ਵੀ ਪੜ੍ਹੋ : ਕੈਨੇਡਾ ‘ਚ ਮਾਸਕ ਪਹਿਨੇ ਨੌਜਵਾਨ ਨੇ ਬਜ਼ੁਰਗ ਸਿੱਖ ਨੂੰ ਮਾਰੇ ਧੱ/ਕੇ, ਕੀਤੀਆਂ ਨਸ/ਲੀ ਟਿੱਪਣੀਆਂ, ਮੁਲਜ਼ਮ ਗ੍ਰਿਫਤਾਰ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਉਹ ਬੱਚੇ ਕਵਰ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਉਮਰ 21 ਸਾਲ ਤੋਂ ਘੱਟ ਹੋਵੇ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਦਾ ਦੇਹਾਂਤ ਹੋ ਚੁੱਕਾ ਹੋਵੇ, ਮਾਤਾ-ਪਿਤਾ ਲਾਪਤਾ ਹੋਣ ਜਾਂ ਮਾਤਾ-ਪਿਤਾ ਸਰੀਰਕ ਜਾਂ ਮਾਨਸਿਕ ਤੌਰ ‘ਤੇ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਾ ਹੋਣ। ਇਸ ਸਕੀਮ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਨਾਲ ਅਜਿਹੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਅਤੇ ਜੀਵਨ ਪੱਧਰ ਸੁਧਾਰਨ ਵਿੱਚ ਮਦਦ ਮਿਲਦੀ ਹੈ।
ਵੀਡੀਓ ਲਈ ਕਲਿੱਕ ਕਰੋ -:











