MP ਅੰਮ੍ਰਿਤਪਾਲ ਸਿੰਘ ਦੀ ਅੱਜ ਅਜਨਾਲਾ ਕੋਰਟ ‘ਚ ਪੇਸ਼ੀ ਹੋਈ। ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ‘ਚ ਚਲਾਨ ਪੇਸ਼ ਕੀਤਾ ਤੇ ਇਸ ਦੇ ਨਾਲ ਹੀ ਅਜਨਾਲਾ ਕੋਰਟ ਨੇ ਕੇਸ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਕਰ ਦਿੱਤਾ ਹੈ। 2 ਮਈ ਤੋਂ ਟਰਾਇਲ ਦੀ ਕਾਰਵਾਈ ਕੀਤੀ ਜਾਵੇਗੀ ਸ਼ੁਰੂ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੀ NSA ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਗਈ ਸੀ ਤੇ 23 ਅਪ੍ਰੈਲ ਨੂੰ ਪੇਸ਼ ਕੀਤਾ ਗਿਆ ਸੀ। 15 ਦਿਨ ਦਾ ਰਿਮਾਂਡ ਮੰਗਿਆ ਸੀ ਪਰ 2 ਦਿਨ ਦਾ ਰਿਮਾਂਡ ਮਿਲਿਆ ਤੇ ਇਸ ਮਗਰੋਂ ਜਦੋਂ 25 ਅਪ੍ਰੈਲ ਨੂੰ ਸਾਂਸਦ ਦੀ ਕੋਰਟ ਵਿਚ ਪੇਸ਼ੀ ਹੋਈ ਤਾਂ 30 ਅਪ੍ਰੈਲ ਤੱਕ ਅੰਮ੍ਰਿਤਪਾਲ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ ਜਿਸ ਦੀ ਅੱਜ ਮੁੜ ਤੋਂ ਵੀਸੀ ਰਾਹੀਂ ਪੇਸ਼ੀ ਹੋਈ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਮ੍ਰਿਤਪਾਲ ਸਿੰਘ ਦੀ ਨਿਆਇਕ ਹਿਰਾਸਤ ਦੀ ਤਾਰੀਖ ਸੀ, ਜਿਸ ਕਾਰਨ ਉਨ੍ਹਾਂ ਨੂੰ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਰਾਜ ਪੱਖ ਵੱਲੋਂ ਜਾਂਚ ਪੂਰੀ ਕਰਕੇ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਅੰਮ੍ਰਿਤਸਰ ਦੀ ਸੈਸ਼ਨ ਕੋਰਟ ਵਿੱਚ ਹੋਵੇਗੀ, ਜਿੱਥੇ 2 ਮਈ ਤੋਂ ਟਰਾਇਲ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਐਫਆਈਆਰ ਨੰਬਰ 39 ਨਾਲ ਸੰਬੰਧਿਤ ਇਸ ਮਾਮਲੇ ਵਿੱਚ ਹੁਣ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਸਭ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਆਸਟ੍ਰੇਲੀਆ ਤੋਂ ਡਿਪੋਰਟ ਹੋਏ 15 ਭਾਰਤੀ ਪਹੁੰਚੇ ਦਿੱਲੀ ਏਅਰਪੋਰਟ, ਰਿਸੀਵ ਕਰਨ ਪਹੁੰਚਿਆ ਪੰਜਾਬ ਸਰਕਾਰ ਦਾ ਵਫਦ
ਅੰਮ੍ਰਿਤਪਾਲ ਸਿੰਘ ਇਸ ਕੇਸ ਦੇ ਆਖਰੀ ਦੋਸ਼ੀ ਸਨ, ਜਿਨ੍ਹਾਂ ਦੀ ਅੱਜ ਪੇਸ਼ੀ ਪੂਰੀ ਹੋਈ। ਅਦਾਲਤ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ ਵਿੱਚ ਹੀ ਨਿਆਇਕ ਹਿਰਾਸਤ ਵਿੱਚ ਰੱਖਿਆ ਜਾਵੇਗਾ ਅਤੇ ਅਗਲੀਆਂ ਪੇਸ਼ੀਆਂ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਹੋਣਗੀਆਂ। ਐਡਵੋਕੇਟ ਸੰਧੂ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਰਿਕਵਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਿਲਾਂ ਵਾਹਨਾਂ ਅਤੇ ਹਥਿਆਰਾਂ ਦੀ ਬਰਾਮਦਗੀ ਬਾਰੇ ਦਾਅਵੇ ਕੀਤੇ ਜਾ ਰਹੇ ਸਨ ਪਰ ਜਾਂਚ ਦੌਰਾਨ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ। ਇਸ ਕਰਕੇ ਪੁਲਿਸ ਨੂੰ ਸਿਰਫ ਦੋ ਦਿਨ ਦਾ ਰਿਮਾਂਡ ਮਿਲਿਆ ਅਤੇ ਇੱਕ ਹਫ਼ਤੇ ਦੇ ਅੰਦਰ ਹੀ ਜਾਂਚ ਪੂਰੀ ਕਰ ਲਈ ਗਈ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਹੋਵੇਗੀ, ਜਿੱਥੋਂ ਟਰਾਇਲ ਦੀ ਅਧਿਕਾਰਿਕ ਸ਼ੁਰੂਆਤ ਕੀਤੀ ਜਾਵੇਗੀ। ਇਸ ਕੇਸ ਦੀ ਅਗਲੀ ਕਾਰਵਾਈ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:











