ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਖਜਾਨਾ ਗੇਟ ਨੇੜਲੇ ਅਮਰੀਕ ਸਿੰਘ ਨਗਰ ਅਤੇ ਪ੍ਰੀਤ ਨਗਰ ਇਲਾਕੇ ਵਿੱਚ ਸੀਵਰੇਜ ਜਾਮ ਹੋਣ ਅਤੇ ਬਰਸਾਤੀ ਪਾਣੀ ਦੇ ਨਿਕਾਸ ਦੀ ਢੁੱਕਵੀਂ ਵਿਵਸਥਾ ਨਾ ਹੋਣ ਕਾਰਨ 20 ਤੋਂ ਵੱਧ ਘਰਾਂ ਵਿੱਚ ਚਾਰ ਤੋਂ ਪੰਜ ਫੁੱਟ ਤੱਕ ਪਾਣੀ ਭਰ ਗਿਆ।

ਲੋਕਾਂ ਦਾ ਕਹਿਣਾ ਹੈ ਕਿ ਘਰਾਂ ਦਾ ਕੀਮਤੀ ਸਾਮਾਨ ਖਰਾਬ ਹੋ ਗਿਆ ਹੈ ਅਤੇ ਬੱਚਿਆਂ ਸਮੇਤ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਬਾਰਿਸ਼ ਦੌਰਾਨ ਸਾਰਾ ਪਾਣੀ ਇੱਕੋ ਥਾਂ ਇਕੱਠਾ ਹੋ ਜਾਂਦਾ ਹੈ ਕਿਉਂਕਿ ਸੀਵਰੇਜ ਬਲੌਕ ਹੈ ਅਤੇ ਪਾਣੀ ਦੇ ਨਿਕਾਸ ਦਾ ਕੋਈ ਰਸਤਾ ਨਹੀਂ ਬਚਿਆ। ਲੋਕਾਂ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਕੋਲ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਪਰ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਸੀਵਰਮੈਨਾਂ ਦੀ ਹੜਤਾਲ ਦਾ ਹਵਾਲਾ ਦੇ ਕੇ ਕੰਮ ਟਾਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਡਰੱਗ ਮਨੀ, ਨ/ਸ਼ੀ/ਲੇ ਪਦਾਰਥ ਤੇ ਹ/ਥਿ/ਆਰ ਬਰਾਮਦ
ਇਸ ਦੌਰਾਨ ਇੱਕ ਘਰ ਦੀ ਰਸੋਈ ਦਾ ਲੈਂਟਰ ਵੀ ਡਿੱਗ ਗਿਆ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਲੋਕਾਂ ਦਾ ਕਹਿਣਾ ਹੈ ਕਿ ਲਗਾਤਾਰ ਪਾਣੀ ਖੜ੍ਹਾ ਰਹਿਣ ਕਾਰਨ ਮਕਾਨਾਂ ਦੀਆਂ ਨੀਂਹਾਂ ਕਮਜ਼ੋਰ ਹੋ ਰਹੀਆਂ ਹਨ ਅਤੇ ਵੱਡੇ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਪਹਿਲਾਂ ਇੰਨੀ ਬਾਰਿਸ਼ ਦੇ ਬਾਵਜੂਦ ਪਾਣੀ ਨਿਕਲ ਜਾਂਦਾ ਸੀ, ਪਰ ਇਸ ਵਾਰ ਨਿਕਾਸੀ ਦੇ ਰਸਤੇ ਬੰਦ ਹੋਣ ਕਾਰਨ ਹਾਲਾਤ ਬੇਕਾਬੂ ਹੋ ਗਏ ਹਨ। ਪੀੜਤ ਪਰਿਵਾਰਾਂ ਨੇ ਪ੍ਰਸ਼ਾਸਨ ਅਤੇ ਨਗਰ ਨਿਗਮ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਕਿਹਾ ਹੈ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਨੁਕਸਾਨ ਤੋਂ ਬਚਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:










