ਰਾਏਕੋਟ ਦੇ ਪੁਲਿਸ ਥਾਣਾ ਗੁਰੂਸਰ ਸੁਧਾਰ ਅਧੀਨ ਪੈਂਦੇ ਪਿੰਡ ਬੁਰਜ ਲਿੱਟਾਂ ਵਿਖੇ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ (25) ਵਜੋਂ ਹੋਈ ਹੈ। ਮ੍ਰਿਤਕਾ ਦੇ ਪੇਕੇ ਪਿਾਰ ਨੇ ਪਤੀ, ਸਹੁਰੇ ਤੇ ਦਾਦੇ ਸੁਹਰੇ ‘ਤੇ ਗੰਭੀਰ ਇਲਜ਼ਾਮ ਲਾਏ ਹਨ
ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਪਤੀ ਜਸਪ੍ਰੀਤ ਸਿੰਘ ਉਰਫ਼ ਜੱਸਾ ’ਤੇ ਨਸ਼ੇ ਦੀ ਹਾਲਤ ਵਿੱਚ ਪਤਨੀ ਨਾਲ ਕੁੱਟਮਾਰ ਕਰਨ ਅਤੇ ਗਲਾ ਘੁੱਟ ਕੇ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਹਰਪ੍ਰੀਤ ਕੌਰ ਤਿੰਨ ਮਹੀਨੇ ਦੀ ਗਰਭਵਤੀ ਦੱਸੀ ਜਾ ਰਹੀ ਸੀ।

ਪਰਿਵਾਰ ਵੱਲੋਂ ਲਗਾਏ ਦੋਸ਼ਾਂ ਮੁਤਾਬਕ ਇਸ ਘਟਨਾ ਵਿੱਚ ਹਰਪ੍ਰੀਤ ਕੌਰ ਦੇ ਨਾਲ ਉਸ ਦੇ ਗਰਭ ਵਿੱਚ ਪਲ ਰਹੇ ਅਣਜੰਮੇ ਬੱਚੇ ਦੀ ਵੀ ਜਾਨ ਚਲੀ ਗਈ। ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਉਸ ਦੇ ਪਤੀ ਜਸਪ੍ਰੀਤ ਸਿੰਘ ਅਤੇ ਦਾਦਾ ਜੋਗਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਹਰਪ੍ਰੀਤ ਕੌਰ ਆਪਣੇ ਸਹੁਰੇ ਘਰ ਵਿੱਚ ਲਗਾਤਾਰ ਹੋ ਰਹੇ ਝਗੜਿਆਂ ਤੋਂ ਕਾਫ਼ੀ ਪਰੇਸ਼ਾਨ ਸੀ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਆਪਣੇ ਪੇਕੇ ਘਰ ਚਲੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਜਸਪ੍ਰੀਤ ਸਿੰਘ ਉਸ ਨੂੰ ਸਮਝਾ-ਬੁਝਾ ਕੇ ਮੁੜ ਬੁਰਜ ਲਿੱਟਾਂ ਲੈ ਆਇਆ ਸੀ।
ਪਰਿਵਾਰ ਦਾ ਕਹਿਣਾ ਹੈ ਕਿ ਇਸ ਦੌਰਾਨ ਜਸਪ੍ਰੀਤ ਨੇ ਨਸ਼ਾ ਛੱਡਣ ਦਾ ਭਰੋਸਾ ਵੀ ਦਿੱਤਾ ਸੀ। ਇਸ ਦੇ ਬਾਵਜੂਦ ਸੋਮਵਾਰ ਰਾਤ ਨੂੰ ਉਹ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਘਰ ਆਇਆ ਅਤੇ ਹਰਪ੍ਰੀਤ ਕੌਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਮ੍ਰਿਤਕਾ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਕੁੱਟਮਾਰ ਤੋਂ ਬਾਅਦ ਹਰਪ੍ਰੀਤ ਕੌਰ ਦਾ ਗਲਾ ਘੁੱਟ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦਾ ਇਹ ਵੀ ਦਾਅਵਾ ਹੈ ਕਿ ਮ੍ਰਿਤਕਾ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ।
ਪਰਿਵਾਰ ਨੇ ਇਹ ਵੀ ਦੋਸ਼ ਲਾਇਆ ਕਿ ਘਟਨਾ ਨੂੰ ਖੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾ ਸਵਾਲ ਹੈ ਕਿ ਜੇਕਰ ਹਰਪ੍ਰੀਤ ਨੇ ਖੁਦਕੁਸ਼ੀ ਕੀਤੀ ਸੀ ਤਾਂ ਛੱਤ ਤੋਂ ਉਸ ਦੀ ਲਾਸ਼ ਹੇਠਾਂ ਕਿਸ ਨੇ ਉਤਾਰੀ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਅਜੇ ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗੀ।
ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੇ ਨਾਲ-ਨਾਲ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ‘ਕੰਮ ਨਹੀਂ ਤਾਂ ਤਨਖਾਹ ਨਹੀਂ’, ਹੜਤਾਲੀ ਮੁਲਾਜ਼ਮਾਂ ਖਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ!
ਪੁਲਿਸ ਮੁਤਾਬਕ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਹੀ ਹਰਪ੍ਰੀਤ ਕੌਰ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋਵੇਗੀ। ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਰਪ੍ਰੀਤ ਕੌਰ ਦੀ ਮੌਤ ਨੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇ ਨਸ਼ੇ ਦੀ ਲਤ ਅਤੇ ਘਰੇਲੂ ਝਗੜਿਆਂ ਸਬੰਧੀ ਪਹਿਲਾਂ ਹੀ ਠੋਸ ਕਦਮ ਚੁੱਕੇ ਜਾਂਦੇ ਤਾਂ ਸ਼ਾਇਦ ਇਹ ਦੁਖਦਾਈ ਘਟਨਾ ਨਾ ਵਾਪਰਦੀ। ਪੁਲਿਸ ਦੀ ਜਾਂਚ, ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਹਰਪ੍ਰੀਤ ਕੌਰ ਦੀ ਮੌਤ ਕਿਵੇਂ ਹੋਈ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








