ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਸਿੱਖ ਇਤਿਹਾਸ ਵਿੱਚ ਇਸ ਅਸਥਾਨ ਦਾ ਵਿਸ਼ੇਸ਼ ਧਾਰਮਿਕ ਅਤੇ ਇਤਿਹਾਸਕ ਮਹੱਤਵ ਹੈ।
ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਰੇਖਾ ਗੁਪਤਾ ਭਾਜਪਾ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨਾਲ ਸਬੰਧਤ ਰੈਲੀ ਵਿੱਚ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ। ਸਾਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਕੇ ਮਿਲ ਕੇ ਪੰਜਾਬ ਨੂੰ ਸੁਰੱਖਿਅਤ ਬਣਾਉਣਾ ਹੈ।
ਰੇਖਾ ਗੁਪਤਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਮਾਜ ਦੇ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣੀ ਪਵੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਜ਼ਰੂਰੀ ਹਨ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਨੂੰ ਮਿਲ ਕੇ ਇਸ ਚੁਣੌਤੀ ਦਾ ਸਾਹਮਣਾ ਕਰਨਾ ਹੋਵੇਗਾ। ਅਸੀਂ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਸੁਰੱਖਿਅਤ ਕਰਨਾ ਹੈ। ਇਸ ਲੜਾਈ ‘ਚ ਪੂਰਾ ਦੇਸ਼ ਪੰਜਾਬ ਦੇ ਨਾਲ ਹੈ।







