ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਜੁੱਤੀਆਂ ਪਾ ਕੇ ਪੁਲਿਸ ਮੁਲਾਜ਼ਮਾਂ ਦੇ ਦਾਖਲ ਹੋਣ ਦਾ ਮਾਮਲਾ ਹੁਣ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਇਸ ਘਟਨਾ ਨੂੰ ਸਿੱਖ ਧਾਰਮਿਕ ਮਰਿਆਦਾਵਾਂ ਦੀ ਉਲੰਘਣਾ ਦੱਸਦੇ ਹੋਏ ਕਾਰਵਾਈ ਦੀ ਮੰਗ ਕੀਤੀ ਹੈ। ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਿੱਚ ਪਾਰਟੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਗਈ।
ਵਿਧਾਇਕਾਂ ਵੱਲੋਂ ਸੌਂਪੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨ ਦੌਰਾਨ ਕੁਝ ਵਿਦਿਆਰਥੀ ਗੁਰਦੁਆਰਾ ਬੰਗਲਾ ਸਾਹਿਬ ਵਿਚ ਦਾਖਲ ਹੋਏ ਜਿਨ੍ਹਾਂ ਦੇ ਪਿੱਛੇ ਦਿੱਲੀ ਪੁਲਿਸ ਦੇ ਕਰਮਚਾਰੀ ਵਰਦੀਆਂ, ਜੁੱਤੀਆਂ ਅਤੇ ਨੰਗੇ ਸਿਰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਏ ਸਨ। ਪੱਤਰ ਮੁਤਾਬਕ ਪੁਲਿਸ ਵਾਲਿਆਂ ਨੇ ਉੱਥੇ ਮੌਜੂਦ ਸੰਗਤ ਨੂੰ ਗੁਰਦੁਆਰਾ ਪਰਿਸਰ ਤੋਂ ਹਟਾ ਦਿੱਤਾ।

ਵਿਧਾਇਕਾਂ ਨੇ ਕਿਹਾ ਕਿ ਇਸ ਘਟਨਾ ਦੀ ਚਰਚਾ ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸੋਸ਼ਲ ਮੀਡੀਆ ‘ਤੇ ਹੋ ਰਹੀ ਹੈ। ਉਨ੍ਹਾਂ ਨੇ ਇਸ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਇੱਕ ਗੰਭੀਰ ਮਾਮਲਾ ਦੱਸਿਆ।
ਵਿਧਾਇਕਾਂ ਨੇ ਪੱਤਰ ਵਿੱਚ ਇਹ ਵੀ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੇ ਸਿੱਖ ਭਾਈਚਾਰੇ ਨੂੰ ਪਿਛਲੀਆਂ ਘਟਨਾਵਾਂ ਦੀ ਯਾਦ ਦਿਵਾਈ ਹੈ। ‘ਆਪ’ ਵਿਧਾਇਕਾਂ ਨੇ ਆਪਣੇ ਆਪ ਨੂੰ ਨਿਮਾਣੇ ਦੱਸਦੇ ਹੋਏ ਜਥੇਦਾਰ ਸਾਹਿਬ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ‘ਚ ਫਾਈਨਲ ਵੋਟਰ ਲਿਸਟ ਜਾਰੀ, SIR ਮਗਰੋਂ ਕੱਟੀਆਂ ਗਈਆਂ 13 ਲੱਖ ਵੋਟਾਂ
ਮੰਗ ਪੱਤਰ ਸੌਂਪਣ ਵਾਲਿਆਂ ਵਿੱਚ ਕੈਬਨਿਟ ਮੰਤਰੀ ਬਲਜਿੰਦਰ ਕੌਰ, ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਕਾਦੀਆਂ ਹਲਕੇ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ, ਗੁਰਦੀਪ ਸਿੰਘ ਬੱਬੇਵਾਲਾ, ਹਲਕਾ ਪੂਰਬੀ ਦੇ ਵਿਧਾਇਕ ਗੁਰਦੀਪ ਸਿੰਘ ਰਣਸੀਂਹ, ਵਿਧਾਇਕ ਡਾ. ਕੌਰ, ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ, ਲੁਧਿਆਣਾ ਦੇ ਵਿਧਾਇਕ ਕੁਲਵੰਤ ਸਿੰਘ ਗਿਆਸਪੁਰਾ ਅਤੇ ਬਾਬਾ ਬਕਾਲਾ ਦੇ ਵਿਧਾਇਕ ਦਲਵੀਰ ਸਿੰਘ ਟੌਂਗ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








