ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਦੇ 1822 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਇਹ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਰਹੇ।

ਇਸ ਮੌਕੇ ਪਾਕਿਸਤਾਨ ਜਾ ਰਹੇ ਸ਼ਰਧਾਲੂ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਅਰਦਾਸ ਕਰਦੇ ਆ ਰਹੇ ਸਨ। ਅੱਜ ਉਨ੍ਹਾਂ ਦੀ ਇਹ ਮਨੋਕਾਮਨਾ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਾ ਕੀਤੇ ਜਾਣ ਅਤੇ ਵੀਜ਼ਾ ਪ੍ਰਣਾਲੀ ਸੌਖੀ ਬਣਾਈ ਜਾਵੇ। ਉਨ੍ਹਾਂ ਕਰਤਾਰਪੁਰ ਲਾਂਘਾ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ।

ਜਗਰਾਉਂ ਤੋਂ ਆਏ ਇੱਕ ਹੋਰ ਸ਼ਰਧਾਲੂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਯਾਤਰਾ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਘਰ ਬੈਠਿਆਂ ਹੀ ਵੀਜ਼ੇ ਪ੍ਰਾਪਤ ਹੋ ਗਏ ਅਤੇ ਉਹ ਦਸ ਦਿਨਾਂ ਦੀ ਯਾਤਰਾ ਦੌਰਾਨ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸੱਚਾ ਸੌਦਾ ਅਤੇ ਲਾਹੌਰ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਗੇ।
ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਵੱਲੋਂ ਵਿਰੋਧ ਕਰਨ ਵਾਲਿਆਂ ਨੂੰ ਜਵਾਬ, ਕਿਹਾ- “ਵਿਦੇਸ਼ੀ ਆ ਕੇ ਗਾਵੇ ਤਾਂ ਦਿੱਕਤ ਨਹੀਂ, ਦਿਲਜੀਤ ਗਾਉਂਦਾ ਹੈ ਤਾਂ ਦਿੱਕਤ ਹੁੰਦੀ ਹੈ”
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਪਾਕਿਸਤਾਨ ਹਾਈ ਕਮਿਸ਼ਨ ਅਤੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਜਿੰਨੇ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਜਾਂਦੇ ਹਨ, ਉਨ੍ਹਾਂ ਸਾਰਿਆਂ ਨੂੰ ਵੀਜ਼ੇ ਦਿੱਤੇ ਜਾਣ ਤਾਂ ਜੋ ਸੰਗਤ ਗੁਰਧਾਮਾਂ ਦੇ ਦਰਸ਼ਨ ਕਰ ਸਕੇ।
ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਸਿੱਖ ਦੀ ਅਰਦਾਸ ਹੈ ਕਿ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦਾ ਮੌਕਾ ਮਿਲੇ। ਉਨ੍ਹਾਂ ਵੀਜ਼ਿਆਂ ਦੀ ਗਿਣਤੀ ਵਧਾਉਣ ਅਤੇ ਸਿੱਖ ਸ਼ਰਧਾਲੂਆਂ ਲਈ ਆਨ ਅਰਾਈਵਲ ਵੀਜ਼ਾ ਦੀ ਸਹੂਲਤ ਦੇਣ ਦੀ ਮੰਗ ਕੀਤੀ। ਜਥੇਦਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਲਾਂਘਾ ਦੋਵਾਂ ਪੰਜਾਬਾਂ ਦੇ ਲੋਕਾਂ ਦੇ ਦਿਲਾਂ ਨੂੰ ਜੋੜਨ ਵਾਲਾ ਹੈ ਅਤੇ ਇਸ ਨੂੰ ਮੁੜ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸ਼ਾਂਤੀ, ਭਾਈਚਾਰਕ ਸਾਂਝ ਅਤੇ ਦੋਵਾਂ ਦੇਸ਼ਾਂ ਵਿਚਕਾਰ ਚੰਗੇ ਸਬੰਧਾਂ ਲਈ ਅਰਦਾਸ ਕਰਨ ਦੀ ਗੱਲ ਵੀ ਕਹੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








