ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਵਿੱਚੋਂ ਤਿੰਨ ਸਿੱਖ ਸ਼ਰਧਾਲੂ ਲਾਪਤਾ ਹੋ ਗਏ ਹਨ। ਇਹ ਸਾਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਨ।
ਤਿੰਨੇ ਸ਼ਰਧਾਲੂ 25 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜਾਂਦੇ ਸਮੇਂ ਜਥੇ ਤੋਂ ਵੱਖ ਹੋ ਗਏ ਸਨ ਅਤੇ ਅਜੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨੀ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ ਹੈ।
ਜਾਣਕਾਰੀ ਮੁਤਾਬਕ 24 ਨਵੰਬਰ ਨੂੰ 2,339 ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਇਸ ਜਥੇ ਦੇ ਨਾਲ ਸਨ।
ਇਹ ਜਥਾ 22 ਨਵੰਬਰ ਨੂੰ ਨਨਕਾਣਾ ਸਾਹਿਬ ਪਹੁੰਚਿਆ ਅਤੇ 23 ਅਤੇ 24 ਨਵੰਬਰ ਨੂੰ ਉੱਥੇ ਰਿਹਾ। ਜਦੋਂ ਇਹ ਜਥਾ 25 ਨਵੰਬਰ ਨੂੰ ਪੰਜਾ ਸਾਹਿਬ ਲਈ ਰਵਾਨਾ ਹੋਇਆ ਤਾਂ ਰਸਤੇ ਵਿੱਚ ਤਿੰਨ ਸ਼ਰਧਾਲੂ ਲਾਪਤਾ ਹੋ ਗਏ।

ਲਾਪਤਾ ਤਿੰਨ ਸ਼ਰਧਾਲੂਆਂ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਬਿੱਕਰ ਸਿੰਘ, ਤਰਨਤਾਰਨ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : 5 ਵਾਹਨਾਂ ਨੂੰ ਟੱਕਰ ਮਾਰਨ ਮਗਰੋਂ ਕਾਰ ‘ਤੇ ਪਲਟਿਆ ਟਿੱਪਰ, 3 ਦੀ ਮੌਤ, ਗੱਡੀਆਂ ਦੇ ਉੱਡੇ ਪਰਖੱਚੇ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਠਿਕਾਣਿਆਂ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲਦੀ, ਉਦੋਂ ਤੱਕ ਕੁਝ ਵੀ ਪੱਕੇ ਤੌਰ ‘ਤੇ ਨਹੀਂ ਕਿਹਾ ਜਾ ਸਕਦਾ। ਹਾਲਾਂਕਿ, ਅਜਿਹੇ ਮਾਮਲਿਆਂ ਵਿੱਚ ਇਹ ਅਕਸਰ ਬਾਅਦ ਵਿੱਚ ਸਾਹਮਣੇ ਆਉਂਦਾ ਹੈ ਕਿ ਕੁਝ ਵਿਅਕਤੀ ਸਵੈ-ਇੱਛਾ ਨਾਲ ਜਥੇ ਤੋਂ ਗਾਇਬ ਹੋ ਜਾਂਦੇ ਹਨ।
ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੀਆਂ ਹਰਕਤਾਂ ਕਾਰਨ ਗੁਰੂ ਸਾਹਿਬ ਦੀ ਕਿਰਪਾ ਨਾਲ ਮਿਲੀ ਗੁਰਧਾਮਾਂ ਦੇ ਦਰਸ਼ਨਾਂ ਦੀ ਸੌਗਾਤ ਤੇ ਹਰ ਸਾਲ ਜਾਣ ਵਾਲੀ ਸੰਗਤ ਦੇ ਲਈ ਰੁਕਾਵਟਾਂ ਪੈਦਾ ਹੁੰਦੀਆਂ ਹਨ। ਸਰਕਾਰਾਂ ਸਾਰਿਆਂ ਨੂੰ ਇੱਕ ਹੀ ਤਰਾਜ਼ੂ ਵਿਚ ਤੋਲਦੀ ਹੈ, ਜਿਸ ਦਾ ਖਮਿਆਜ਼ਾ ਪੂਰੀ ਸੰਗਤ, ਦਿੱਲੀ ਦੀ ਸੰਗਤ ਤੇ ਪ੍ਰਬੰਧਕ ਕਮੇਟੀਆਂ ਨੂੰ ਸਾਮੂਹਿਕ ਤੌਰ ‘ਤੇ ਭੁਗਤਣਾ ਪੈਂਦਾ ਹੈ।
ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਜਲਦੀ ਤੋਂ ਜਲਦੀ ਪੂਰੀ ਜਾਂਚ ਕਰੇ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਹ ਸ਼ਰਧਾਲੂ ਆਪਣੀ ਮਰਜ਼ੀ ਨਾਲ ਕਿਤੇ ਗਏ ਸਨ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








