Center gives permission to : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ’ਤੇ ਕੇਂਦਰ ਸਰਕਾਰ ਵੱਲੋਂ ਸੂਬੇ ਵਿਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਸ ਦੇ ਨਾਲ ਹੀ ਕੇਂਦਰ ਨੇ ਹਿਦਾਇਤਾਂ ਵੀ ਜਾਰੀ ਕੀਤੀਆਂ ਹਨ ਕਿ ਇਸ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਤਾਂ ਰਹੇਗੀ, ਪਰ ਠੇਕਿਆਂ ’ਤੇ ਸ਼ਰਾਬ ਪੀਣ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਇਹ ਫੈਸਲਾ ਪੰਜਾਬ ਨੂੰ ਠੇਕਿਆਂ ਦੇ ਬੰਦ ਹੋਣ ’ਤੇ ਹੋ ਰਹੇ ਮਾਲੀ ਨੁਕਸਾਨ ਦੇ ਚੱਲਦਿਆਂ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਵਿਚ ਪਿਛਲੇ 40 ਦਿਨਾਂ ਤੋਂ ਚੱਲ ਰਹੇ ਲੌਕਡਾਊਨ ਕਾਰਨ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਅਤੇ ਠੇਕੇ ਬੰਦ ਹੋਣ ਕਾਰਨ ਸੂਬਾ ਸਰਕਾਰਾਂ ਨੂੰ ਟੈਕਸੇਸ਼ਨ ਤੋਂ ਹੋਣ ਵਾਲੀ ਕਮਾਈ ਕਰਕੇ ਕਾਫੀ ਘਾਟਾ ਝੱਲਣਾ ਪੈ ਰਿਹਾ ਸੀ ਅਤੇ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਸੂਬੇ ਨੂੰ ਕੋਈ ਵੱਡਾ ਪੈਕੇਜ ਨਾ ਦੇਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫਤੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਚਿੱਠੀ ਲਿਖ ਕੇ ਪੰਜਾਬ ਵਿਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਮੰਗੀ ਸੀ।
ਕੈਪਟਨ ਨੇ ਇਸ ਦੇ ਪਿੱਛੇ ਸੂਬੇ ਦੀ ਖਰਾਬ ਮਾਲੀ ਹਾਲਤ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਸੂਬਾ ਸਰਕਾਰ ਨੂੰ ਪੂਰੇ ਸਾਲ ਵਿਚ 6200 ਕਰੋੜ ਰੁਪਏ ਦੀ ਆਮਦਨੀ ਸ਼ਰਾਬ ਦੇ ਠੇਕੇ ਨੀਲਾਮ ਕਰਨ ਤੋਂ ਹੁੰਦੀ ਹੈ, ਜੋ ਪ੍ਰਤੀ ਮਹੀਨਾ 521 ਕਰੋੜ ਰੁਪਏ ਬਣਦਾ ਹੈ, ਪਰ ਪਿਛਲੇ 40 ਦਿਨਾਂ ਤੋਂ ਸ਼ਰਾਬ ਦੇ ਠੇਕੇਬੰਦ ਹੋਣ ਕਾਰਨ ਸੂਬਾ ਸਰਕਾਰ ਨੂੰ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਕਰ ਦੂਸਰੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਤਾਂ ਉਸ ਵਿਚ ਸ਼ਰਾਬ ਦੇ ਠੇਕਿਆਂ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਦੀ ਇਸ ਮੰਗ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਨਵੀਆਂ ਹਿਦਾਇਤਾਂ ਜਾਰੀ ਕਰਕੇ ਉਨ੍ਹਾਂ ਵਿਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਵੀ ਇਜਾਜ਼ਤ ਦੇ ਦਿੱਤੀ ਹੈ।