Important decisions taken : ਸੂਬੇ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੈਬਨਿਟ ਵੱਲੋਂ ਉਨ੍ਹਾਂ ਕੈਦੀਆਂ ਜਿਨ੍ਹਾਂ ਨੂੰ 7 ਸਾਲ ਜਾਂ ਇਸ ਤੋਂ ਘੱਟ ਸਜ਼ਾ ਸੁਣਾਈ ਗਈ ਹੈ, ਲਈ ਮਹਾਮਾਰੀ ਅਤੇ ਆਫ਼ਤਾਂ ਦੌਰਾਨ ਪੈਰੋਲ ਦੀ ਮਿਆਦ 16 ਹਫ਼ਤਿਆਂ ਤੋਂ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ। ਮੰਤਰੀ ਮੰਡਲ ਵੱਲੋਂ ਮੌਜੂਦਾ ਸਖ਼ਤ ਹਾਲਤਾਂ ਵਿਚ ਸੁਪਰੀਮ ਕੋਰਟ ਦੇ ਲੰਬੇ ਸਮੇਂ ਤੱਕ ਪੈਰੋਲ ਸਬੰਧੀ ਦਿੱਤੇ ਸੁਝਾਅ ਦੇ ਅਨੁਸਾਰ ਪੰਜਾਬ ਗੁੱਡ ਕੰਡਕਟ ਪਰਿਜਨਰਜ਼ ਐਕਟ 1962 ਵਿਚ ਢੁੱਕਵੀਆਂ ਸੋਧਾਂ ਦੀ ਮਨਜ਼ੂਰੀ ਦਿੱਤੀ ਗਈ।
ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸ ਜ਼ਰੀਏ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਵਿਰੁੱਧ ਸੂਬੇ ਦੀ ਲੜਾਈ ਦਾ ਇਹ ਮਹੱਤਵਪੂਰਨ ਸਮਾਂ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੀ ਕੋਰੋਨਾ ਵਿਰੁੱਧ ਜੰਗ ਹੋਰ ਤੇਜ਼ ਕਰਨ ਲਈ ਕਈ ਲੜੀਵਾਰ ਫੈਸਲੇ ਲਏ ਗਏ। ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮਹੱਤਵਪੂਰਨ ਅਸਾਮੀਆਂ ਲਈ ਵੱਖ-ਵੱਖ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਿਯੁਕਤੀਆਂ ਜਿਨ੍ਹਾਂ ਨੂੰ ਵਿੱਤ ਵਿਭਾਗ ਨੇ ਪਹਿਲਾਂ ਹੀ ਛੇ ਮਹੀਨਿਆਂ ਲਈ ਮਨਜ਼ੂਰੀ ਦੇ ਦਿੱਤੀ ਹੈ, ਸਰਕਾਰੀ ਮੈਡੀਕਲ ਕਾਲਜਾਂ ਨੂੰ ਵਾਇਰਲ ਟੈਸਟਿੰਗ ਲੈਬਾਰਟਰੀਆਂ, ਆਈਸੋਲੇਸ਼ਨ ਵਾਰਡਾਂ ਆਦਿ ਵਿਚ ਜ਼ਰੂਰੀ ਸਟਾਫ ਦੀ ਨਿਯੁਕਤੀ ਕਰਨ ਦੇ ਸਮਰੱਥ ਬਣਾਉਣਗੀਆਂ ਜਿਸ ਨਾਲ ਉਹ ਦਿਨ-ਰਾਤ ਕੰਮ ਕਰ ਸਕਣਗੇ।
ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਨਾਨ-ਐਨ.ਏ.ਬੀ.ਐਲ. ਲੈਬਾਂ ਨੂੰ ਕੋਵਿਡ ਟੈਸਟ ਕਰਵਾਉਣ ਦੀ ਆਗਿਆ ਦੇਣ ਦਾ ਸੁਝਾਅ ਦਿੰਦਿਆਂ ਕਿਹਾ ਕਿ ਸੂਬੇ ਵਿੱਚ 12 ਅਜਿਹੀਆਂ ਲੈਬਾਂ ਹਨ ਜਿਨ੍ਹਾਂ ਨੂੰ ਟੈਸਟਿੰਗ ਲਈ ਲੋੜੀਂਦੀਆਂ ਮਸ਼ੀਨਾਂ ਨਾਲ ਲੈਸ ਕੀਤਾ ਗਿਆ ਅਤੇ ਆਈ.ਸੀ.ਐਮ.ਆਰ. ਨੇ ਵੀ ਜਾਂਚ ਤੋਂ ਬਾਅਦ ਇਨ੍ਹਾਂ ਲੈਬਾਂ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਸੀ। ਮੰਤਰੀ ਮੰਡਲ ਨੇ 4300 ਗਾਰਡੀਅਨ ਆਫ਼ ਗਵਰਨੈਂਸ (ਜੀ.ਓ.ਜੀਜ਼) ਦੀ ਨਿਯੁਕਤੀ ਨੂੰ ਕਾਰਜ ਬਾਅਦ ਮਨਜ਼ੂਰੀ ਦਿੱਤੀ। ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੀ ਬਦਲੀ ਨੀਤੀ ਵਿਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਸਰਹੱਦੀ ਇਲਾਕਿਆਂ ਵਿਚ ਤਾਇਨਾਤੀ ਦੇ 18 ਮਹੀਨਿਆਂ ਬਾਅਦ ਤਬਾਦਲੇ ਦੀ ਮੰਗ ਕਰਨ ਵਾਲੇ ਅਧਿਆਪਕਾਂ ਨੂੰ ਇਕ ਵਾਰ ਨਵੀਂ ਭਰਤੀ ਮੁਕੰਮਲ ਹੋਣ ‘ਤੇ ਤਬਾਦਲੇ ਦੀ ਮਨਜ਼ੂਰੀ ਦਿੱਤੀ ਜਾਵੇ।