Another death in Punjab due to corona : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਸੂਬੇ ਵਿਚ ਇਕ ਹੋਰ ਜ਼ਿੰਦਗੀ ਅੱਜ ਕੋਰੋਨਾ ਵਾਇਰਸ ਦੀ ਭੇਟ ਚੜ੍ਹ ਗਈ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਦੇ ਪਾਜ਼ੀਟਿਵ ਆਏ ਮਰੀਜ਼ ਅਸ਼ੋਕ ਕੁਮਾਰ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਖਬਰ ਆਈ ਹੈ। ਜ਼ਿਕਰਯੋਗ ਹੈ ਕਿ ਅਸ਼ੋਕ ਕੁਮਾਰ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਸੀ, ਜਿਸ ਨੂੰ ਫਿਰੋਜ਼ਪੁਰ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਸੀ, ਜਿਸ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ। ਜਾਂਚ ਵਿਚ ਲਏ ਗਏ ਟੈਸਟ ਰਿਪੋਰਟਾਂ ਵਿਚ ਅਸ਼ੋਕ ਕੁਮਾਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਇਹ ਜਾਣਕਾਰੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਫਿਰੋਜ਼ਪੁਰ ਦੇ ਪਿੰਡ ਅਲੀਕੇ ਨੂੰ ਵੀ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੀਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅੱਜ ਇਸ ਮੌਤ ਦੇ ਨਾਲ ਕੋਰੋਨਾ ਵਾਇਰਸ ਕਾਰਨ ਪੰਜਾਬ ਵਿਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ 21 ਹੋ ਗਈ ਹੈ। ਇਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਬੀਤੇ ਬੁੱਧਵਾਰ ਕੋਰੋਨਾ ਵਾਇਰਸ ਕਾਰਨ ਜਲੰਧਰ ਜ਼ਿਲੇ ਵਿਚ ਇਕ 50 ਸਾਲਾ ਔਰਤ ਦੀ ਮੌਤ ਹੋ ਗਈ ਸੀ, ਜਿਸ ਨੂੰ ਸਾਹ ਲੈਣ ’ਚ ਤਕਲੀਫ ਦੇ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਤੇ ਇਲਾਜ ਦੌਰਾਨ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਆਈ ਉਸ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। 29 ਅਪ੍ਰੈਲ ਨੂੰ ਜਲੰਧਰ ਵਿਚ ਹੀ ਇਕ ਪ੍ਰਵਾਸੀ ਮਜ਼ਦੂਰ ਦੀ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਸੀ। ਉਸ ਦੇ ਕੋਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਉਸ ਦੀ ਮੌਤ ਤੋਂ ਬਾਅਦ ਹੀ ਹੋਈ ਸੀ।
ਕੋਰੋਨਾ ਵਾਇਰਸ ਕਾਰਨ ਹੀ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਅਡਵਾਂਸ ਪੀਡੀਆਟ੍ਰਿਕ ਸੈਂਟਰ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ 6 ਮਹੀਨਿਆਂ ਦੀ ਬੱਚੀ ਨੇ ਦਮ ਤੋੜ ਦਿੱਤਾ ਸੀ। ਇਸ ਬੱਚੀ ਨੂੰ ਜੈਨੇਟਿਕ ਹਾਰਟ ਵਿਚ ਦਿੱਕਤ ਸੀ, ਜਿਸ ਕਾਰਨ ਉਸ ਦੀ ਓਪਨ ਹਾਰਟ ਸਰਜਰੀ ਹੋਣੀ ਸੀ। ਉਸ ਨੂੰ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਤੋਂ ਪੀਜੀਆਈ ਰੈਫਰ ਕੀਤਾ ਗਿਆ ਸੀ। ਹਾਲਤ ਜ਼ਿਆਦਾ ਖਰਾਬ ਹੋਣ ਤੋਂ ਬਾਅਦ ਉਸ ਦਾ ਕੋਰੋਨਾ ਦਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਈ ਗਈ ਸੀ।