Congress Sarpanch brutally murdered : ਲੌਕਡਾਊਨ ਵਿਚ ਵੀ ਕ੍ਰਾਈਮ ਦੀਆਂ ਘਟਨਾਵਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਪਟਿਆਲਾ ਵਿਚ ਕ੍ਰਾਈਮ ਦੀ ਘਟਨਾਵਾਂ ਦਿਨੋ-ਦਿਨ ਵਧ ਰਹੀਆਂ ਹਨ। ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਪੁਲਿਸ ਦਾ ਖੌਫ ਖਤਮ ਹੁੰਦਾ ਜਾ ਰਿਹਾ ਹੈ ਤਾਂ ਹੀ ਉਹ ਬਿਨਾਂ ਕਿਸੇ ਡਰ ਤੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਅੱਜ ਪਟਿਆਲਾ ਦੇ ਨੇੜਲੇ ਪਿੰਡ ਪਸਿਆਣਾ ਵਿਖੇ ਭੁਪਿੰਦਰ ਸਿੰਘ (32), ਜੋ ਕਿ ਪਿੰਡ ਦਾ ਸਰਪੰਚ ਹੈ, ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਕੁਝ ਨੌਜਵਾਨਾਂ ਨੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਸਰਪੰਚ ਭੁਪਿੰਦਰ ਸਿੰਘ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ’ਤੇ ਲਗਭਗ ਦੋ ਦਰਜਨ ਵਾਰ ਕੀਤੇ ਗਏ ਜਿਸ ਨਾਲ ਭੁਪਿੰਦਰ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਤੋਂ ਪੀ. ਜੀ. ਆਈ. ਵਿਖੇ ਰੈਫਰ ਕਰ ਦਿੱਤਾ ਗਿਆ। ਜ਼ਖਮ ਗੰਭੀਰ ਹੋਣ ਕਾਰਨ ਹਸਪਤਾਲ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ।
ਕਿਹਾ ਜਾ ਰਿਹਾ ਹੈ ਕਿ ਸਰਪੰਚ ਭੁਪਿੰਦਰ ਸਿੰਘ ’ਤੇ ਇਹ ਹਮਲਾ ਕੁਝ ਨੌਜਵਾਨਾਂ ਵਲੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਕੀਤਾ ਗਿਆ ਹੈ। ਇਸ ਤੋਂ ਲਗਭਗ ਇਕ ਮਹੀਨਾ ਪਹਿਲਾਂ ਵੀ ਸਰਪੰਚ ਭੁਪਿੰਦਰ ਸਿੰਘ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪੁੱਜੀ। ਪੁਲਿਸ ਵਲੋਂ ਜਾਚ ਕੀਤੀ ਜਾ ਰਹੀ ਹੈ। ਦੋਸ਼ੀ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।