291 prisoners released : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜ਼ਿਲਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਵੱਲੋਂ ਅੰਡਰ ਟ੍ਰਾਇਲ ਕੇਸਾਂ ਦੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਛੋਟੇ ਕੇਸਾਂ ਵਿਚ ਜੇਲ ਵਿਚ ਬੰਦ ਹਵਾਲਾਤੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪ੍ਰਾਪਤ ਹੋਈਆਂ ਗਾਈਡ ਲਾਈਨਜ਼ ਅਨੁਸਾਰ ਪੈਰੋਲ ’ਤੇ ਛੱਡਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਜੇਲ ਵਿਚ ਬੰਦ ਬੀਮਾਰ ਕੈਦੀਆਂ ਅਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਹਵਾਲਾਤੀਆਂ ਅਤੇ ਕੈਦੀਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਅਤੇ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਹੱਥ ਧੋਣ ਸਬੰਧੀ ਜਾਗਰੂਕ ਕਰਨ ਸਬੰਧੀ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਸੀ. ਜੇ. ਐੱਮ ਅਜੀਤ ਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਹੁਣ ਤੱਕ ਜ਼ਿਲਾ ਕਪੂਰਥਲਾ ਦੀਆਂ ਅਦਾਲਤਾਂ ਨਾਲ ਸਬੰਧਤ ਬੰਦੀ ਜਮਾਨਤਾਂ 204 ਹਨ ਅਤੇ 291 ਬੰਦੀ ਪੈਰੋਲ ’ਤੇ ਰਿਹਾਅ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਛੋਟੇ ਕੇਸਾਂ ਨਾਲ ਸਬੰਧਤ ਬੰਦੀ ਮਾਣਯੋਗ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਿਹਾਅ ਕੀਤੇ ਜਾਣ ਦੀ ਆਸ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਵੱਲੋਂ ਰੋਜ਼ਾਨਾ ਵੀਡੀਓ ਕਾਨਫਰੰਸ ਰਾਹੀਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਜ਼ਰੂਰੀ ਨਿਰਦੇਸ਼ ਵੀ ਦਿੱਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਲਾਕਡਾਊਨ ਦੌਰਾਨ ਕਰੀਬ 34 ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਕੋਵਿਡ-19 ਦੀ ਰੋਕਥਾਮ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿਚ ਸਹਾਇਕ ਕਮਿਸ਼ਨਰ ਕਪੂਰਥਲਾ ਡਾ. ਸ਼ਿਖਾ ਭਗਤ, ਐੱਸ. ਪੀ. ਮਨਦੀਪ ਸਿੰਘ, ਸੀ. ਜੇ. ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਜੀਤ ਪਾਲ ਸਿੰਘ, ਸੁਪਰਡੈਂਟ ਕੇਂਦਰੀ ਜੇਲ ਕਪੂਰਥਲਾ ਬਲਜੀਤ ਸਿੰਘ ਘੁੰਮਣ ਹਾਜ਼ਰ ਸਨ।