Coronavirus Pandemic Updates: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ । ਪਿਛਲੇ 24 ਘੰਟਿਆਂ ਵਿੱਚ 3500 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 50 ਹਜ਼ਾਰ ਨੂੰ ਪਾਰ ਕਰ ਗਈ ਹੈ । ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 52 ਹਜ਼ਾਰ 952 ਲੋਕ ਪੀੜਤ ਹੋਏ ਹਨ । ਇਸ ਦੇ ਨਾਲ ਹੀ 1783 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 15 ਹਜ਼ਾਰ 267 ਲੋਕ ਠੀਕ ਵੀ ਹੋ ਗਏ ਹਨ ।
ਦਰਅਸਲ, ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਤਕਰੀਬਨ 3500 ਨਵੇਂ ਕੇਸ ਸਾਹਮਣੇ ਆਏ ਹਨ ਅਤੇ 90 ਦੇ ਲਗਭਗ ਲੋਕਾਂ ਦੀ ਮੌਤ ਹੋ ਚੁੱਕੀ ਹੈ । ਪਿਛਲੇ ਤਿੰਨ ਦਿਨਾਂ ਵਿੱਚ ਲਾਗ ਦੀ ਦਰ ਸਭ ਤੋਂ ਤੇਜ਼ ਹੈ । 4 ਮਈ ਨੂੰ ਦੇਸ਼ ਵਿੱਚ 41 ਹਜ਼ਾਰ ਪੀੜਤ ਹੋਏ ਸਨ, ਜੋ ਕਿ 7 ਮਈ ਦੀ ਸਵੇਰ ਤੱਕ ਵੱਧ ਕੇ ਤਕਰੀਬਨ 53 ਹਜ਼ਾਰ ਹੋ ਗਏ ਹਨ । ਦੇਸ਼ ਵਿੱਚ ਮਹਾਂਰਾਸ਼ਟਰ ਕੋਰੋਨਾ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ. ਇੱਥੇ ਹੁਣ ਤੱਕ 16 ਹਜ਼ਾਰ 758 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 651 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 3094 ਵਿਅਕਤੀ ਠੀਕ ਹੋ ਚੁੱਕੇ ਹਨ ।
ਮਹਾਂਰਾਸ਼ਟਰ ਤੋਂ ਬਾਅਦ ਗੁਜਰਾਤ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ । ਇੱਥੇ ਹੁਣ ਤੱਕ 6 ਹਜ਼ਾਰ 625 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 396 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਦਿੱਲੀ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 5 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ । ਦਿੱਲੀ ਵਿੱਚ ਹੁਣ ਤੱਕ 5532 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 65 ਦੀ ਮੌਤ ਹੋ ਚੁੱਕੀ ਹੈ ।
ਕੋਰੋਨਾ ਦੇ ਮਾਮਲੇ ਵਿੱਚ ਤਾਮਿਲਨਾਡੂ ਚੌਥੇ ਨੰਬਰ ‘ਤੇ ਆ ਗਿਆ ਹੈ, ਜਿੱਥੇ ਹੁਣ ਤੱਕ 4829 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਸ ਵਿਚੋਂ 35 ਲੋਕਾਂ ਦੀ ਮੌਤ ਹੋ ਚੁੱਕੀ ਹੈ । ਉੱਥੇ ਹੀ ਮੱਧ ਪ੍ਰਦੇਸ਼ ਵਿੱਚ ਹੁਣ ਤੱਕ 3138 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 185 ਲੋਕਾਂ ਦੀ ਮੌਤ ਹੋ ਚੁੱਕੀ ਹੈ । ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ । ਹੁਣ ਮਰੀਜ਼ਾਂ ਦੀ ਗਿਣਤੀ 2998 ਤੱਕ ਪਹੁੰਚ ਗਈ ਹੈ, ਜਿਸ ਵਿੱਚ 60 ਲੋਕ ਆਪਣੀ ਜਾਨ ਗੁਆ ਚੁੱਕੇ ਹਨ ।