16 more positive cases of Corona : ਕੋਰੋੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਇਸ ਦਾ ਕਹਿਰ ਪੰਜਾਬ ਵਿਚ ਵਧਦਾ ਜਾ ਰਿਹਾ ਹੈ। ਗੁਰਦਾਸਪੁਰ ਜ਼ਿਲੇ ਵਿਚ ਵੀ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਗੁਰਦਾਸਪੁਰ ਜ਼ਿਲੇ ਵਿਚੋਂ 16 ਹੋਰ ਲੋਕਾਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਕੱਲ ਵੀ ਜ਼ਿਲੇ ਵਿਚੋਂ 4 ਲੋਕਾਂ ਦੀ ਰਿਪੋਰਟ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਨਾਲ ਇਕੱਠੇ 20 ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਗੁਰਦਾਸਪੁਰ ਜ਼ਿਲੇ ਵਿਚ ਕੁਲ ਪੀੜਤਾਂ ਦੀ ਗਿਣਤੀ 109 ਤੱਕ ਪਹੁੰਚ ਗਈ ਹੈ।
ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚ 1626 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਉਨ੍ਹਾਂ ਦੀ ਜਾਂਚ ਕਰਵਾਈ ਜਾ ਚੁੱਕੀ ਹੈ, ਜਿਨ੍ਹਾਂ ਵਿਚੋਂ 1208 ਮਰੀਜ਼ਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ, ਜਦਕਿ 325 ਮਰੀਜ਼ਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 109 ਵਿਅਕਤੀਆਂ ਦੀਆਂ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ। ਜ਼ਿਲੇ ਵਿਚ ਵਧਦੀ ਮਰੀਜ਼ਾਂ ਦੀ ਗਿਣਤੀ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
ਇਥੇ ਜ਼ਿਕਰਯੋਗ ਹੈ ਕਿ ਹੁਣ ਤੱਕ ਸਾਹਮਣੇ ਆਏ ਮਰੀਜ਼ਾਂ ਵਿਚ ਬਹੁਤੀ ਗਿਣਤੀ ਉਨ੍ਹਾਂ ਮਰੀਜ਼ਾਂ ਦੀ ਹੈ, ਜੋਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਕਿਸੇ ਵੀ ਮਰੀਜ਼ ਨੂੰ ਅਜੇ ਤੱਕ ਇਸ ਵਾਇਰਸ ਨਾਲ ਕੋਈ ਵੀ ਸਰੀਰਕ ਸਮੱਸਿਆ ਸਾਹਮਣੇ ਨਹੀਂ ਆਈ। ਬੇਸ਼ੱਕ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਲੋਕਾਂ ਅੰਦਰ ਖੌਫ ਵਧਦਾ ਜਾ ਰਿਹਾ ਹੈ ਪਰ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਕਰਫਿਊ ਵਿਚ ਦਿੱਤੀ ਢਿੱਲ ਕਾਰਨ ਹੁਣ ਬਾਜ਼ਾਰਾਂ ਵਿਚ ਵੀ ਲੋਕਾਂ ਦੀ ਆਮਦ ਪਹਿਲਾਂ ਦੇ ਮੁਕਾਬਲੇ ਵਧਣੀ ਸ਼ੁਰੂ ਹੋ ਗਈ ਹੈ।