The captain appealed to Modi : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਲੌਕਡਾਊਨ 3.0 ਤੋਂ ਬਾਹਰ ਨਿਕਲਣ ਦੀ ਰਣਨੀਤੀ ਦੱਸਣ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀ ਅਰਥਵਿਵਸਥਾ ਨੂੰ ਖੜ੍ਹਾ ਕਰਨ ਦੀ ਰਣਨੀਤੀ ਨੂੰ ਵੀ ਸਪੱਸ਼ਟ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਸੂਬਿਆਂ ਨੂੰ ਦਰਪੇਸ਼ ਆ ਰਹੇ ਮਾਲੀਆ ਘਾਟੇ ਦੀ ਪੂਰਤੀ ਅਤੇ ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਨ ਲਈ ਸਿਹਤ ਸੰਭਾਲ ਅਤੇ ਰਾਹਤ ਮੁਹੱਈਆ ਕਰਵਾਉਣ ’ਤੇ ਹੋ ਰਹੇ ਵਾਧੂ ਖਰਚ ਦੇ ਚੱਲਦਿਆਂ ਤਿੰਨ ਮਹੀਨਿਂ ਲਈ ਮਾਲੀਆ ਅਨੁਦਾਨ ਦੇਣ ਦੀ ਮੰਗ ਨੂੰ ਵੀ ਦੁਹਰਾਇਆ।
ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ’’ਲੌਕਡਾਊਨ ਤੋਂ ਬਾਹਰ ਨਿਕਲਣ ਦੀ ਰਣਨੀਤੀ ਸੁਰੱਖਿਆ ਹੱਦਾਂ ਵਿਚ ਰਹਿੰਦੇ ਹੋਏ ਕੋਵਿਡ-19 ਦੇ ਫੈਲਾਅ ਦੀ ਰੋਕਥਾਮ ਦੇ ਪੈਮਾਨੇ ਤੈਅ ਕਰਨ ਸਣੇ ਆਰਥਿਕ ਸੰਕਟ ਤੋਂ ਬਾਹਰ ਨਿਕਲਣ ਲਈ ਵੀ ਰਾਹ ਬਣਾ ਸਕਦੀ ਹੈ। ਇਸ ਰਣਨੀਤੀ ’ਤੇ ਸੂਬਿਆਂ ਦੇ ਮਾਲੀ ਅਤੇ ਆਰਥਿਕ ਸਸ਼ਕਤੀਕਰਨ ਲਈ ਵਿਚਾਰ ਅਤੇ ਇਕਾਗਰ ਕਰਨਾ ਚਾਹੀਦਾ ਹੈ।’’ ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਵੀ ਸੋਨੀਆ ਗਾਂਧੀ ਨੇ ਕਾਂਗਰਸ ਸ਼ਾਸਿਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਹਿਦਾਇਤਾਂ ਦਿੱਤੀਆਂ ਸਨ ਕਿ ਉਹ ਪ੍ਰਧਾਨ ਮੰਤਰੀ ਤੋਂ ਲੌਕਡਾਊਨ ਤੈਅ ਕਰਨ ਦਾ ਮਾਣਕ ਅਤੇ ਲੌਕਡਾਊਨ-3 ਤੋਂ ਬਾਹਰ ਨਿਕਲਣ ਦੇ ਐਗਜ਼ਿਟ ਪਲਾਨ ਬਾਰੇ ਜਾਣਕਾਰੀ ਹਾਸਲ ਕਰਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਗਰੀਬ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਅਤੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪਹਿਲੂਆਂ ਨੂੰ ਫਿਰ ਰਾਹ ’ਤੇ ਨਾ ਲਿਆਇਆ ਗਿਆ ਤਾਂ ਇਸ ਨਾਲ ਸਮਾਜ ਅੰਦਰ ਮਨੋਵਿਗਿਆਨਕ ਵਿਕਾਰ ਪੈਦਾ ਹੋਣਗੇ। ਨੌਕਰੀਆਂ ਖੋਹਣ ਅਤੇ ਰੋਜ਼ਗਾਰ ਦੇ ਮੌਕੇ ਹੱਥੋਂ ਨਿਕਲਣ ਕਾਰਨ ਸਾਡੇ ਸਮਾਜ ਵਿਚ ਨਾਗਰਿਕ ਅਧਿਕਾਰਾਂ ਅਤੇ ਬਰਾਬਰ ਮੌਕਿਆਂ ਦੇ ਸਿਧਾਂਤਾਂ ’ਤੇ ਵੀ ਨਾਂਹਪੱਖੀ ਪ੍ਰਭਾਵ ਪੈਣਗੇ।