Former DGP Saini bail : ਮੋਹਾਲੀ ਵਿਖੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਹੋਣ ਦੇ ਮਾਮਲੇ ’ਚ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਸੋਮਵਾਰ ਨੂੰ ਹੋਵੇਗਾ। ਮਿਲੀ ਜਾਣਕਾਰੀ ਮੁਤਾਬਕ ਅੱਜ ਅਦਾਲਤ ਵਿਚ ਸੁਣਵਾਈ ਦੌਰਾਨ ਕੀਤੀ ਕਾਰਵਾਈ ਵਿਚ ਅਦਾਲਤ ’ਚ ਕੇਸ ਨਾਲ ਜੁੜਿਆ ਰਿਕਾਰਡ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਸਾਬਕਾ ਡੀਜੀਪੀ ਅਤੇ ਸਰਕਾਰੀ ਵਕੀਲ ਵਿਚਾਲੇ ਕਾਫੀ ਦੇਰ ਤੱਕ ਬਹਿਸ ਚੱਲਦੀ ਰਹੀ, ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ 11 ਮਈ ਤੱਕ ਸੁਰੱਖਿਤ ਕਰ ਲਿਆ।
ਜ਼ਿਕਰਯੋਗ ਹੈ ਕਿ ਮੋਹਾਲੀ ਦੇ ਮਟੌਰ ਥਾਣੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ 8 ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸੁਮੇਧ ਸਿੰਘ ਸੈਣੀ ਨੇ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਲਗਾਈ ਸੀ, ਜਿਸ ’ਤੇ ਸੁਣਵਾਈ 9 ਮਈ ਨੂੰ ਹੋਣੀ ਤੈਅ ਹੋਈ ਸੀ ਅਤੇ ਮੋਹਾਲੀ ਪੁਲਿਸ ਨੂੰ ਵੀ ਅਦਾਲਤ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਥੇ ਦੱਸ ਦੇਈਏ ਕਿ ਡੀਜੀਪੀ ਸੈਣੀ ਖਿਲਾਫ 29 ਸਾਲ ਪੁਰਾਣੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸਾਲ 1991 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਵਿਚ ਐਸਐਸਪੀ ਦੇ ਅਹੁਦੇ ’ਤੇ ਤਾਈਨਾਤ ਸਨ, ਉਸ ਦੌਰਾਨ ਸੈਣੀ ’ਤੇ ਇਕ ਅੱਤਵਾਦੀ ਹਮਲਾ ਹੋਇਆ ਸੀ।
ਹਮਲੇ ਵਿਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਚਾਰ ਲੋਕ ਮਾਰੇ ਗਏ ਸਨ। ਇਸ ਦੌਰਾਨ ਬਲਵੰਤ ਸਿੰਘ ਮੁਲਤਾਨੀ ਨੂੰ ਚੰਡੀਗੜ੍ਹ ਵਿਚ ਪੁਲਿਸ ਦੇ ਦੋ ਅਧਿਕਾਰੀਆਂ ਨੇ ਚੁੱਕਿਆ ਸੀ। ਫਿਰ ਮੁਲਤਾਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਉਨ੍ਹਾਂ ਦੇ ਭਰਾ ਪਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਸੀਬੀਆਈ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਸੈਣੀ ਵਿਰੁੱਧ 2007 ਵਿਚ ਕਾਰਵਾਈ ਸ਼ੁਰੂ ਕੀਤੀ ਸੀ ਪਰ ਬਾਅਦ ’ਚ ਇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਾਲ 2014 ’ਚ ਉਨ੍ਹਾਂ ਦੇ ਹੱਥ ਕਈ ਅਜਿਹੇ ਸਬੂਤ ਲੱਗੇ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਆਪਣਾ ਸੰਘਰਸ਼ ਸ਼ੁਰੂ ਕੀਤਾ। ਮੰਗਲਵਾਰ ਨੂੰ ਪੀੜਤ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਾਸੀ ਜਲੰਧਰ ਵੱਲੋਂ ਦਿੱਤੀ ਗਈ ਅਰਜ਼ੀ ’ਤੇ ਸਾਬਕਾ ਡੀਜੀਪੀ ’ਤੇ ਬੁੱਧਵਾਰ ਨੂੰ ਧਾਰਾ 364, 201, 344, 330 ਅਤੇ 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।