Nine Corona cases came : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ। ਪੰਜਾਬ ਵਿਚ ਵੀ ਵੱਖ-ਵੱਖ ਜ਼ਿਲਿਆਂ ਵਿਚ ਇਸ ਦੇ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਨਵੇਂ ਮਾਮਲੇ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਏ ਹਨ, ਜਿਥੇ ਇਕ ਪੁਲਿਸ ਮੁਲਾਜ਼ਮ ਸਣੇ 9 ਮਾਮਲਿਆਂ ਦੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 57 ਹੋ ਗਈ ਹੈ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਐੱਨ. ਕੇ. ਆਗਰਵਾਲ ਨੇ ਕੀਤੀ ਹੈ।
ਨਵੇਂ ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਕੇਸਾਂ ਵਿਚੋਂ 4 ਬਹਿਰਾਮਪੁਰ, 3 ਖਮਾਣੋਂ, 1 ਕੋਟਲਾ ਅਤੇ 1 ਫਤਿਹਗੜ੍ਹ ਸਾਹਿਬ ਦਾ ਪੁਲਿਸ ਮੁਲਾਜ਼ਮ ਹੈ। ਉਨ੍ਹਾਂ ਦੱਸਿਆ ਕਿ ਪਾਜ਼ੀਟਿਵ ਪਾਏ ਗਏ ਕੇਸਾਂ ਦੇ ਨੇੜਲੇ ਸੰਪਰਕਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਜ਼ੀਟਿਵ ਆਏ ਮਰੀਜ਼ਾਂ ਨਾਲ ਸਬੰਧਤ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਦਾਖਲ ਕਰਵਾਇਆ ਜਾ ਰਿਹਾ ਹੈ।
ਅੱਗੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲੇ ਵਿਚੋਂ 1724 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 57 ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ 148 ਨਵੇਂ ਹੋਰ ਸੈਂਪਲ ਲਏ ਗਏ ਹਨ। ਸਿਵਲ ਸਰਜਨ ਨੇ ਇਸ ਦੇ ਨਾਲ ਹੀ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਿਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਮਾਰੀ ’ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਬਿਨਾਂ ਮਤਲਬ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਅਤੇ ਲੋਕਾਂ ਤੋਂ ਦੂਰੀ ਬਣਾ ਕੇ ਰਖਣ ਦੇ ਨਾਲ ਨਾਲ ਵਾਰ-ਵਾਰ ਹੱਥਾਂ ਨੂੰ ਸਾਫ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਬਾਹਰ ਜਾਣਾ ਵੀ ਪਏ ਤਾਂ ਮੂੰਹ ’ਤੇ ਮਾਸਕ ਬੰਨ੍ਹ ਕੇ ਹੀ ਜਾਓ।