Delhi Ncr Weather Forecast: ਨਵੀਂ ਦਿੱਲੀ: ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਧੂੜ ਨਾਲ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ । ਇਸ ਦੌਰਾਨ ਲਗਭਗ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ । ਮੌਸਮ ਵਿਭਾਗ ਵੱਲੋਂ ਇਸ ਬਾਰੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ।
ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਹਾਲੇ ਵੀ ਪੱਛਮੀ ਗੜਬੜੀ ਸਰਗਰਮ ਹੈ । ਇਸ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਪਹਾੜੀ ਇਲਾਕਿਆਂ, ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਆਦਿ ‘ਤੇ ਪੈ ਰਿਹਾ ਹੈ । ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜੋ ਖਰਾਬ ਮੌਸਮ ਦੀ ਚੇਤਾਵਨੀ ਦਿੰਦਾ ਹੈ । ਇਸ ਸਮੇਂ ਦੌਰਾਨ ਲੋਕਾਂ ਨੂੰ ਬਾਹਰ ਨਿਕਲਣ ਵੇਲੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਬੁੱਧਵਾਰ ਨੂੰ ਇੱਕ ਵਾਰ ਫਿਰ ਤੋਂ ਕਿਰਿਆਸ਼ੀਲ ਹੋਵੇਗੀ । ਇਸ ਕਾਰਨ ਪਿਛਲੇ ਐਤਵਾਰ ਦੀ ਤਰ੍ਹਾਂ ਆਸਮਾਨ ਬੱਦਲਵਾਈ ਰਹੇਗਾ । ਉੱਥੇ ਹੀ ਹਵਾਵਾਂ ਵੀ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲਣਗੀਆਂ । ਇਸ ਦੌਰਾਨ ਮੌਸਮ ਵਿਭਾਗ ਨੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ ਘੱਟ ਤਾਪਮਾਨ 26 ਡਿਗਰੀ ਰਹੇਗਾ ।
ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਵਿੱਚ ਵੀ ਤੂਫ਼ਾਨ ਦੇ ਨਾਲ-ਨਾਲ ਗੜ੍ਹੇਮਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ । ਮੌਸਮ ਵਿਭਾਗ ਵੱਲੋਂ ਸ਼ਿਮਲਾ, ਚੰਬਾ, ਕੁੱਲੂ, ਸੋਲਨ, ਸਿਰਮੌਰ ਅਤੇ ਮੰਡੀ ਵਿਚ ਗੜ੍ਹੇਮਾਰੀ ਲਈ ਅਲਰਟ ਜਾਰੀ ਕੀਤੇ ਗਏ ਹਨ । ਕੁਝ ਇਲਾਕਿਆਂ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ । ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ, ਬਿਲਾਸਪੁਰ, ਊਨਾ, ਕਾਂਗੜਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ।