Sajjan Kumar convicted in 1984 Sikh : ਚੰਡੀਗੜ੍ਹ : 1984 ਵਿਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਅੱਜ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਖਰਾਬ ਸਿਹਤ ਦੇ ਆਧਾਰ ’ਤੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਰੈਗੂਲਰ ਬੇਲ ਦੀ ਸੁਣਵਾਈ ਜੁਲਾਈ ਵਿਚ ਕਰਨ ਲਈ ਕਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਸੱਜਣ ਕੁਮਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੱਜਣ ਕੁਮਾਰ ਦੀ ਉਮਰ 70 ਸਾਲ ਤੋਂ ਉਪਰ ਹੈ ਅਤੇ ਉਹ ਬਹੁਤ ਸਾਰੀਆਂ ਬਿਮਾਰੀਆਂ ਨਾਲ ਪੀੜਤ ਹਨ। ਵਕੀਲ ਨੇ ਕਿਹਾ ਕਿ ਉਸ ਨੂੰ ਸ਼ੂਗਰ ਹੈ ਅਤੇ ਕੈਂਸਰ ਦਾ ਵੀ ਸ਼ੱਕ ਹੈ। ਵਕੀਲ ਨੇ ਕਿਹਾ ਕਿ ਪਹਿਲਾਂ ਉਸ ਨੂੰ ਏਮਜ਼ ਦੇ ਮੈਡੀਕਲ ਬੋਰਡ ਸਾਹਮਣੇ ਪੇਸ਼ ਕੀਤਾ ਗਿਆ ਸੀ ਪਰ ਉਸ ਤੋਂ ਬਾਅਦ ਉਸ ਨੂੰ ਵਾਪਸ ਜੇਲ ਭੇਜ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਉਸ ਦੀ ਜ਼ਮਾਨਤ ਪਟੀਸ਼ਨ ਲੰਬੇ ਸਮੇਂ ਤੋਂ ਲਟਕ ਰਹੀ ਹੈ ਅਤੇ ਕੋਈ ਸੁਣਵਾਈ ਨਹੀਂ ਹੋ ਰਹੀ। ਵਕੀਲ ਨੇ ਕਿਹਾ ਕਿ ਉਹ ਬਹੁਤ ਬਿਮਾਰ ਹੈ ਅਤੇ ਕੋਰੋਨਾ ਸੰਕਟ ਦੇ ਕਾਰਨ ਉਸ ਨੂੰ ਏਮਜ਼ ਵਿਚ ਨਹੀ ਦਿਖਾਇਆ ਜਾ ਸਕਦਾ। ਅਜਿਹਾ ਹੀ ਰਿਹਾ ਤਾਂ ਉਹਨਾਂ ਦੀ ਕਲਾਇੰਟ ਜੇਲ੍ਹ ਵਿਚ ਹੀ ਮੌਤ ਹੋ ਜਾਵੇਗੀ ਅਤੇ ਇਸ ਤਰ੍ਹਾਂ ਉਮਰਕੈਦ ਦੀ ਸਜ਼ਾ ਮੌਤ ਦੀ ਸਜ਼ਾ ਬਣ ਜਾਵੇਗੀ। ਵਕੀਲ ਦੀਆਂ ਦਲੀਲਾਂ ਦੇ ਬਾਵਜੂਦ ਚੀਫ ਜਸਟਿਸ ਨੇ ਜ਼ਮਾਨਤ ਦੀ ਅਰਜ਼ੀ ’ਤੇ ਅਜੇ ਕੋਈ ਫੈਸਲਾ ਲੈਣ ਤੋਂ ਇਨਕਾਰ ਕਰ ਦਿੱਤਾ।
ਵਕੀਲ ਵੱਲੋਂ ਅਰਜ਼ੀ ‘ਤੇ ਸੁਣਵਾਈ ਕਰਨ ਲਈ ਸੱਜਣ ਕੁਮਾਰ ਦੀ ਮੈਡੀਕਲ ਆਧਾਰ ’ਤੇ ਦਲੀਲ ਦਿੱਤੀ ਗਈ, ਜਿਸ ’ਤੇ ਜੱਜ ਨੇ ਕਿਹਾ ਕਿ ਪਟੀਸ਼ਨਰ ਦੀ ਮੈਡੀਕਲ ਰਿਪੋਰਟ ਤੋਂ ਇਹ ਸਪੱਸ਼ਟ ਹੈ ਕਿ ਉਸ ਨੂੰ ਹਸਪਤਾਲ ਏਮਜ਼ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਹੋਣ ਦੀ ਲੋੜ ਨਹੀਂ ਹੈ ਤੇ ਉਨ੍ਹਾਂ ਨੇ ਅਜੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ। ਇਥੇ ਦੱਸ ਦੇਈਏ ਕਿ ਕਾਂਗਰਸੀ ਆਗੂ ‘ਤੇ ਕਤਲ, ਸਾਜ਼ਿਸ਼, ਦੰਗੇ ਭੜਕਾਉਣ ਅਤੇ ਭੜਕਾਊ ਭਾਸ਼ਣ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਪਿਛਲੇ ਸਾਲ ਦਿੱਲੀ ਹਾਈ ਕੋਰਟ ਦੇ ਡਬਲ ਬੈਂਚ ਨੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਹੇਠਲੀ ਅਦਾਲਤ ਦੇ ਆਦੇਸ਼ ਨੂੰ ਪਲਟ ਕੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਦਾ ਜ਼ੁਰਮਾਨਾ ਵੀ ਲਗਾਇਆ।