4 patients from Pathankot and 3 patients : ਕੋਰੋਨਾ ਦੇ ਵਧਦੇ ਪ੍ਰਕੋਪ ਦੌਰਾਨ ਜ਼ਿਲਾ ਤਰਨਤਾਰਨ ਤੇ ਪਠਾਨਕੋਟ ਤੋਂ ਚੰਗੀ ਖਬਰ ਆਈ ਹੈ। ਇਥੇ ਕੋਰੋਨਾ ਨੂੰ ਮਾਤ ਦੇਣ ਵਾਲੇ ਤਰਨਤਾਰਨ ਤੋਂ 4 ਅਤੇ ਪਠਾਨਕੋਟ ਤੋਂ ਤਿੰਨ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਤਰਨਤਾਰਨ ਦੇ ਸਿਵਲ ਹਸਪਤਾਲ ਤੋਂ 4 ਮਰੀਜ਼ਾਂ ਨੂੰ ਦੂਸਰੀ ਰਿਪੋਰਟ ਵੀ ਨੈਗੇਟਿਵ ਆਉਣ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ। ਮਰੀਜ਼ਾਂ ਨੂੰ ਛੁੱਟੀ ਮਿਲਣ ਮੌਕੇ ਐਸਡੀਐਮ ਰਜਨੀਸ਼ ਅਰੋੜਾ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਵਿਸ਼ੇਸ਼ ਤੌਰ ’ਤੇ ਉਥੇ ਪਹੁੰਚੇ ਅਤੇ ਉਨ੍ਹਾਂ ਨੇ ਚਾਰੋ ਲੋਕਾਂ ਨੂੰ ਸਿਹਤਯਾਬ ਹੋਣ ’ਤੇ ਸ਼ੁਭ ਕਾਮਨਾਵਾਂ ਦਿੱਤੀਆਂ। ਇਨ੍ਹਾਂ ਚਾਰੇ ਮਰੀਜ਼ਾਂ ਦਾ ਪਿਛਲੇ 15 ਦਿਨਾਂ ਤੋਂ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਇਲਾਜ ਚੱਲ ਰਿਹਾ ਸੀ। ਦੱਸਣਯੋਗ ਹੈ ਕਿ ਇਹ ਚਾਰੇ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਸਨ।
ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਨੇ ਇਸ ਮੌਕੇ ’ਤੇ ਦੱਸਿਆ ਕਿ ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿਚ 7 ਦਿਨਾਂ ਲਈ ਕੁਆਰੰਟੀਨ ਦੀ ਪਾਲਣਾ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਉਨ੍ਹਾਂ ਦੇ ਫੋਨ ਵਿਚ ਡਾਊਨਲੋਡ ਕਰਵਾਇਆ ਗਿਆ ਹੈ। ਕੋਰੋਨਾ ਮੁਕਤ ਹੋਏ ਚਾਰੇ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਉਨ੍ਹਾਂ ਦੇਵਧੀਆ ਇਲਾਜ ਤੇ ਦਿੱਤੀਆਂ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ
ਉਧਰ ਪਠਾਨਕੋਟ ਤੋਂ ਸੁਜਾਨਪੁਰ ਦੇ ਤਿੰਨ ਲੋਕਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਗੁਰਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਕੋਰੋਨਾ ਤੋਂ ਜੰਗ ਫਤਿਹ ਕਰਨ ’ਤੇ ਹਸਪਤਾਲ ਦੇ ਸਟਾਫ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਤਿੰਨਾਂ ਲੋਕਾਂ ਨੂੰ ਘਰ ਤੋਰਿਆ ਗਿਆ। ਡਿਪਟੀ ਕਮਿਸ਼ਨਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਠਾਨਕੋਟ ਤੋਂ ਹੁਣ ਤੱਕ 14 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਹਤ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਿਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ।