Permission to teach social : ਅੱਜ ਕਲ ਜਿਆਦਾਤਰ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਨੂੰ ਪਹਿਲ ਦਿੰਦੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਪੜ੍ਹ ਕੇ ਉਨ੍ਹਾਂ ਦਾ ਬੱਚਾ ਵਧ ਲਾਇਕ ਹੋ ਸਕਦਾ ਹੈ ਤੇ ਉਸ ਦੀ ਸਮਰੱਥਾ ਸ਼ਕਤੀ ਵਧ ਸਕਦੀ ਹੈ। ਪ੍ਰਾਈਵੇਟ ਸਕੂਲਾਂ ਵਿਚ ਜਿਆਦਾਤਰ ਵਿਸ਼ੇ ਅੰਗਰੇਜੀ ਮਾਧਿਅਮ ਰਾਹੀਂ ਪੜ੍ਹਾਏ ਜਾਂਦੇ ਹਨ ਪਰ ਹੁਣ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਸਮਰੱਥ ਬਣਾਉਣ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵਧਾਉਣ ਦੇ ਉਦੇਸ਼ ਦੇ ਨਾਲ ਸਮੁੱਚੇ ਸਰਕਾਰੀ ਸਕੂਲਾਂ ਵਿੱਚ ਸਮਾਜਿਕ ਸਿੱਖਿਆ ਦਾ ਵਿਸ਼ਾ ਅੰਗਰੇਜ਼ੀ ਮਾਧੀਅਮ ’ਚ ਪੜ੍ਹਾਉਣ ਦੀ ਇਜ਼ਾਜਤ ਦੇ ਦਿੱਤੀ ਹੈ।
ਅੱਜੇ ਇਥੇ ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (SCERT) ਪੰਜਾਬ ਦੇ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੌਂਸਲ ਦੇ ਡਾਇਰੈਕਟਰ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ ਸਾਇੰਸ ਅਤੇ ਹਿਸਾਬ ਨੂੰ ਪਹਿਲਾਂ ਹੀ ਅੰਗਰੇਜ਼ੀ ਮਾਧੀਅਮ ਵਿੱਚ ਪੜ੍ਹਾਇਆ ਜਾ ਰਿਹਾ ਹੈ ਅਤੇ ਹੁਣ ਸਮਾਜਿਕ ਸਿੱਖਿਆ ਨੂੰ ਵੀ ਸਮੁੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਆਗਿਆ ਦਿੱਤੀ ਹੈ। ਇਸ ਦੇ ਨਾਲ ਇਹ ਵੀ ਸਪੱਸ਼ਟ ਕੀਤਾ ਹੈ ਕਿ ਅੰਗਰੇਜ਼ੀ ਮਾਧੀਅਮ ਕੇਵਲ ਵਿਦਿਆਰਥੀਆਂ ਵੱਲੋਂ ਆਪਸ਼ਨ ਦੇਣ ’ਤੇ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਦਿਆਰਥੀ ਨੂੰ ਇਸ ਵਾਸਤੇ ਮਜ਼ਬੂਰ ਨਹੀਂ ਕੀਤਾ ਜਾਵੇਗਾ। ਇਸ ਫ਼ੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਕਾਫ਼ੀ ਵਾਧਾ ਹੋਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਵਲੋਂ ਇਹ ਫੈਸਲਾ ਵਿਦਿਆਰਥੀਆਂ ਦੀ ਸਮਰੱਥਾ ਸ਼ਕਤੀ ਨੂੰ ਵਧਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ ਤਾਂ ਜੋ ਇਛੁੱਕ ਵਿਦਿਆਰਥੀ ਸਮਾਜਿਕ ਸਿੱਖਿਆ ਦਾ ਵਿਸ਼ਾ ਅੰਗਰੇਜੀ ਵਿਚ ਪੜ੍ਹਨਾ ਚਾਹੁੰਦੇ ਹਨ ਉਹ ਪੜ੍ਹ ਸਕਣ।