Jathedar Giani Harpreet Singh : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਆ ਰਹੀਆਂ ਸ਼ਿਕਾਇਤਾਂ ‘ਤੇ ਮਹੱਤਵਪੂਰਨ ਫੈਸਲਾ ਲਿਆਹੈ। ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਵਿਚ ਆਉਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਕੋਲ ਸ਼ਿਕਾਇਤ ਲੈ ਕੇ ਜਾਏ। ਜਥੇਦਾਰ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਇਹ ਚੱਲ ਰਿਹਾ ਹੈ ਕਿ ਕੁਝ ਵਿਅਕਤੀ ਜਾਂ ਸੰਗਠਨ ਕਿਸੇ ਵੀ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖਤ ਵਿਖੇ ਸ਼ਿਕਾਇਤਾਂ ਲੈਕੇ ਆ ਰਹੇ ਹਨ। ਇਨ੍ਹਾਂ ਵਿਚੋਂ ਜਿਆਦਾਤਰ ਸ਼ਿਕਾਇਤਾਂ ਦਾ ਸਬੰਧ ਸ੍ਰੀ ਅਕਾਲ ਤਖਤ ਸਾਹਿਬ ਨਾਲ ਨਹੀਂ ਹੁੰਦਾ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੋਕ ਆਪਣੀ ਸ਼ਿਕਾਇਤ ਪਹਿਲਾਂ SGPC ਦੇ ਧਰਮ ਪ੍ਰਚਾਰ ਕਮੇਟੀ ਨੂੰ ਭੇਜੇ ਤੇ ਜੇ ਲੋੜ ਪਵੇ ਤਾਂ ਹੀ ਮਾਮਲਾ ਅਕਾਲ ਤਖਤ ਸਾਹਿਬ ਵਿਖੇ ਪੁੱਜਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਕੋਈ ਥਾਣਾ ਜਾਂ ਸ਼ਿਕਾਇਤ ਨਿਵਾਰਣ ਕੇਂਦਰ ਨਹੀਂ ਹੈ। ਬੀਤੇ ਕੁਝ ਸਮੇਂ ਤੋਂ ਸ੍ਰੀ ਅਕਾਲ ਤਖਤ ਨੂੰ ਕੁਝ ਅਜਿਹੇ ਮੁੱਦਿਆਂ ‘ਚ ਉਲਜਾਇਆ ਜਾ ਰਿਹਾ ਹੈ ਜਿਸ ਦਾ ਵਾਸਤਾ ਉਸ ਨਾਲ ਨਹੀਂ ਹੁੰਦਾ। ਜਿਹੜੇ ਪੰਥਕ ਮੁੱਦਿਆਂ ਨੂੰ ਸਿਖ ਵਿਦਵਾਨਾਂ ਵਿਚ ਰੱਖਣਾ ਚਾਹੀਦਾ ਹੈ ਉਨ੍ਹਾਂ ਮੁੱਦਿਆਂ ‘ਤੇ ਸੋਸ਼ਲ ਮੀਡੀਆ ਵਿਚ ਚਰਚਾ ਕੀਤੀ ਜਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਸਰਕਾਰ ਲੋਕਾਂ ਦੇ ਗੁਰੂ ਘਰਾਂ ਤੇ ਹੋਰ ਧਾਰਮਿਕ ਸਥਾਨਾਂ ਵਿਚ ਨਤਮਸਤਕ ਹੋਣ ਲਈ ਸੋਸ਼ਲ ਡਿਸਟੈਂਸਿੰਗ ਦੀ ਗੱਲ ਕਰਦੀ ਹੈ ਪਰ ਸ਼ਰਾਬ ਦੇ ਠੇਕਿਆਂ ‘ਤੇ ਚੁੱਪੀ ਸਾਧੀ ਹੋਈ ਹੈ।
ਪੰਜਾਬੀ ਗਾਇਕ ਸਤਿੰਦਰ ਸਰਤਾਜ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਬਾਣੀ ਫਤੇਹਨਾਮ ਦੇ ਫਾਰਸੀ ਉਚਾਰਣ ਨੂੰ ਲੈ ਕੇ ਐੱਸ. ਜੀ. ਪੀ. ਸੀ. ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਭਿਲਾਸ਼ੀ ਤੇ ਦਮਦਮੀ ਟਕਸਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਕੀਤੀ ਸੀ। ਜਥੇਦਾਰ ਨੇ ਪੂਰੇ ਮਾਮਲੇ ਦੀ ਜਾਂਚ ਕਰਵਾ ਕੇ ਸਰਤਾਜ ਨੂੰ ਕਲੀਨ ਚਿੱਟ ਵੀ ਦਿੱਤੀ ਸੀ। ਇਸ ਦੇ ਬਾਵਜੂਦ ਵੀ ਵਿਵਾਦ ਘਟਣ ਦਾ ਨਾਂ ਨਹੀਂ ਲੈ ਰਿਹਾ।