Relief news from Hoshiarpur : ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਜ਼ਿਲਾ ਹੁਸ਼ਿਆਰਪੁਰ ਤੋਂ ਇਕ ਰਾਹਤ ਭਰੀ ਖਬਰ ਆਈ ਹੈ, ਜਿਥੇ ਹੁਸ਼ਿਆਰਪੁਰ ਤੇ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ 78 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਦਾਖਲ 48 ਮਰੀਜ਼ਾਂ ਨੂੰ ਸਿਹਤਯਾਬ ਹੋਣ ’ਤੇ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦਸੂਹਾ ਦੇ ਸਰਕਾਰੀ ਹਸਪਤਾਲ ਤੋਂ ਵੀ 30 ਵਿਅਕਤੀਆਂ ਨੂੰ ਛੁੱਟੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 85 ਮਰੀਜ਼ਾਂ ਨੇ ਕੋਰੋਨਾ ਨਾਲ ਜੰਗ ਫਤਿਹ ਕਰ ਲਈ ਹੈ। ਜਾਣਕਾਰੀ ਦਿੰਦਿਆਂ DC ਨੇ ਦੱਸਿਆ ਕਿ ਹੁਣ ਤੱਕ ਹੁਸ਼ਿਆਰਪੁਰ ’ਚ ਕੋਰੋਨਾ ਦੇ 93 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ ਪਹਿਲਾਂ ਹੀ ਜ਼ਿਲੇ ਨਾਲ ਸਬੰਧਤ 7 ਵਿਅਕਤੀ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਤੇ ਅੱਜ ਡਿਸਚਾਰਜ ਕੀਤੇ 78 ਵਿਅਕਤੀਆਂ ਤੋਂ ਇਲਾਵਾ ਹੁਣ ਹਸਪਤਾਲ ਵਿਚ ਕੋਰੋਨਾ ਦੇ ਚਾਰ ਐਕਟਿਵ ਕੇਸ ਹਨ ਤੇ ਹੁਣ ਤੱਕ ਜ਼ਿਲੇ ਵਿਚ 4 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਲੋਕਾਂ ਦੇ ਉੱਜਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦੇ ਤੰਦਰੁਸਤ ਹੋਣ ਪਿੱਛੇ ਇਨ੍ਹਾਂ ਦੀ ਦ੍ਰਿੜ੍ਹ ਇੱਛਾਸ਼ਕਤੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਈਸੋਲੇਸ਼ਨ ਵਾਰਡ ਵਿਚ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਵਜੋਂ ਸੇਵਾਵਾਂ ਨਿਭਾਉਣ ਵਾਲੇ ਹਸਪਤਾਲ ਦੇ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਉਨ੍ਹਾਂ ਵੱਲੋਂ ਤਨਦੇਹੀ ਨਾਲ ਨਿਭਾਈ ਡਿਊਟੀ ਕਾਰਨ ਮਰੀਜ਼ ਸਿਹਤਮੰਦ ਹੋ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਛੇਤੀ ਹੀ ਹੁਸ਼ਿਆਰਪੁਰ ਜ਼ਿਲਾ ਕੋਰੋਨਾ ਮੁਕਤ ਹੋ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਨੇ ਦਾਖਲ ਮਰੀਜ਼ਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਇਨ੍ਹਾਂ ਮਰੀਜ਼ਾਂ ਨੂੰ ਵੀ ਛੇਤੀ ਹੀ ਠੀਕ ਹੋਣ ’ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।