The Punjab government has : ਸ਼ਰਾਬ ਦੇ ਠੇਕੇਦਾਰਾਂ ਉੱਤੇ ਨਿਹਾਲ ਹੋਣ ਮਗਰੋਂ ਪੰਜਾਬ ਸਰਕਾਰ ਨੇ ਹੁਣ ਰੇਤ ਮਾਫੀਆ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਖਣਿਜ ਸਰੋਤਾਂ ਨੂੰ ਲੁੱਟਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਦੂਜੇ ਪਾਸੇ ਸਰਕਾਰ ਨੇ ਕੋਵਿਡ-19 ਕਰਕੇ ਮੁਸ਼ਕਿਲ ਹਾਲਾਤ ਵਿਚੋਂ ਲੰਘ ਰਹੇ ਗਰੀਬਾਂ, ਲੋੜਵੰਦਾਂ ਅਤੇ ਆਮ ਆਦਮੀ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਪੱਸ਼ਟ ਹੈ ਕਿ ਕਾਂਗਰਸ ਸਰਕਾਰ ਆਬਕਾਰੀ ਆਮਦਨ ਵਿੱਚ ਪਏ 5600 ਕਰੋੜ ਰੁਪਏ ਦੇ ਘਾਟੇ ਤੋਂ ਖੁਸ਼ ਨਹੀਂ ਹੈ। ਇਸ ਦੇ ਬਾਵਜੂਦ ਕਰਫਿਊ ਦੌਰਾਨ ਸ਼ਰਾਬ ਦੀ ਵਿਕਰੀ ਨਾ ਹੋਣ ਕਰਕੇ ਠੇਕੇਦਾਰਾਂ ਨੂੰ 676 ਕਰੋੜ ਦੀ ਰਾਸ਼ੀ ਦੇ ਦਿੱਤੀ ਗਈ ਹੈ ਜਦਕਿ ਠੇਕੇਦਾਰਾਂ ਵੱਲੋਂ ਕਰਫਿਊ ਦੌਰਾਨ ਕੀਤੀ ਸ਼ਰਾਬ ਦੀ ਹੋਮ ਡਿਲੀਵਰੀ ਨੂੰ ਵੇਖਦਿਆਂ ਇਹ ਗੱਲ ਸਹੀ ਨਹੀਂ ਸੀ ਕਿ ਉਹਨਾਂ ਦੀ ਸ਼ਰਾਬ ਨਹੀਂ ਵਿਕੀ।
ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਸਰਕਾਰ ਨੇ ਨੀਲਾਮੀ ਦੇ ਭਾਅ 80 ਫੀਸਦੀ ਘਟਾ ਕੇ ਸੂਬੇ ਅੰਦਰ ਰੇਤ ਮਾਫੀਆ ਕੁਦਰਤੀ ਸਰੋਤ ਲੁੱਟਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਇਸ ਤੱਥ ਦੇ ਬਾਵਜੂਦ ਕਿ ਰੇਤ ਮਾਫੀਆ ਵੱਲੋਂ ਕਰਫਿਊ ਦੌਰਾਨ ਅਤੇ ਉਸ ਤੋਂ ਪਹਿਲਾਂ ਵੀ ਬਿਨਾਂ ਮਨਜ਼ੂਰੀ ਲਏ ਰੇਤਾ ਬਜਰੀ ਦੀ ਖੁਦਾਈ ਲਗਾਤਾਰ ਜਾਰੀ ਰੱਖੀ ਹੈ, ਸਰਕਾਰ ਵੱਲੋਂ ਉਨ੍ਹਾਂ ਉਤੇ ਇਹ ਮਿਹਰਬਾਨੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਮਾਈਨਿੰਗ ਵਿਭਾਗ ਵੱਲੋਂ ਜਾਰੀ ਕੀਤੀ ਇੱਕ ਚਿੱਠੀ ਨੂੰ ਜਨਤਕ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ 12 ਮਈ ਨੂੰ ਜਾਰੀ ਕੀਤੀ ਇਸ ਚਿੱਠੀ ਵਿਚ ਸੂਬੇ ਨੂੰ ਪ੍ਰਤੀ ਮਹੀਨਾ ਹੋਣ ਵਾਲੀ ਉਗਰਾਹੀ 26 ਕਰੋੜ ਰੁਪਏ ਤੋਂ ਘਟਾ ਕੇ 4.85 ਕਰੋੜ ਰੁਪਏ ਕਰ ਦਿੱਤੀ ਹੈ। ਇਸ ਤੋਂ ਇਲਾਵਾ ਦੋ ਮਹੀਨੇ ਦੀਆਂ ਸਾਰੀਆਂ ਕਿਸ਼ਤਾਂ ਮੁਆਫ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜੁਲਾਈ ਵਿਚ 306 ਕਰੋੜ ਰੁਪਏ ਵਿਚ ਨੀਲਾਮ ਕੀਤੀਆਂ ਰੇਤੇ ਦੀਆਂ ਖੱਡਾਂ ਤੋਂ ਸਰਕਾਰ ਇੱਕ ਪੈਸਾ ਵੀ ਨਹੀਂ ਵਸੂਲ ਪਾਈ ਹੈ, ਇਸ ਦੇ ਬਾਵਜੂਦ ਰੇਤ ਮਾਫੀਆ ਨੂੰ ਇਹ ਛੋਟ ਦੇ ਦਿੱਤੀ ਗਈ ਹੈ।
ਅਕਾਲੀ ਆਗੂ ਨੇ ਕਿਹਾ ਕਿ ਠੇਕੇਦਾਰਾਂ ਵੱਲੋਂ ਰੇਤ ਦੀਆਂ ਕੀਮਤਾਂ ਵਧਾਈਆਂ ਜਾ ਚੁੱਕੀਆਂ ਹਨ ਅਤੇ ਉਹ ਖਪਤਕਾਰਾਂ ਨੂੰ ਸਸਤਾ ਰੇਤਾ ਦੇਣ ਲਈ ਬਿਲਕੁੱਲ ਤਿਆਰ ਨਹੀਂ ਹਨ, ਇਸ ਦੇ ਬਾਵਜੂਦ ਉਹਨਾਂ ਨੂੰ ਇਹ ਛੋਟ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਰੇਤ ਮਾਫੀਆ ਦੁਆਰਾ ਪ੍ਰਤੀ ਟਰੱਕ 12 ਹਜ਼ਾਰ ਰੁਪਏ ਗੁੰਡਾ ਟੈਕਸ ਲਾਉਣ ਤੋਂ ਇਲਾਵਾ ਇਸ ਨੇ ਰੇਤੇ ਦੇ ਟਰੱਕ ਦੀ ਕੀਮਤ ਵੀ ਵਧਾ ਕੇ 28 ਹਜ਼ਾਰ ਰੁਪਏ ਪ੍ਰਤੀ ਟਰੱਕ ਕਰ ਦਿੱਤੀ ਹੈ।