Five New Cases of Corona : ਕੋਰੋਨਾ ਵਾਇਰਸ ਦੇ ਅਜੇ ਵੀ ਕੁਝ ਜ਼ਿਲਿਆਂ ਵਿਚ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਵੀਰਵਾਰ ਗੁਰਦਾਸਪੁਰ ਤੋਂ ਚਾਰ ਤੇ ਜਲੰਧਰ ਤੋਂ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ ਕੋਰੋਨਾ ਵਾਇਰਸ ਦੇ ਚਾਰ ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੀ ਪੁਸ਼ਟੀ ਸਿਵਲ ਸਰਜਨ ਡਾ. ਕਿਸ਼ਨ ਚੰਦ ਵੱਲੋਂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਮਾਮਲਿਆਂ ਦੇ ਆਉਣ ਨਾਲ ਜ਼ਿਲੇ ਵਿਚ ਕੋਰੋਨਾ ਵਾਇਰਸ ਦੀ ਗਿਣਤੀ 7 ਐਕਟਿਵ ਕੇਸ ਹੋ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲੇ ਵਿਚ 124 ਕੋਰੋਨਾ ਪੀੜਤਾਂ ਵਿਚੋਂ 122 ਮਰੀਜ਼ ਇਸ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।
ਉਧਰ ਜਲੰਧਰ ਵਿਚ ਕੋਰੋਨਾਵਾਇਰਸ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਉਣ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 218 ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਵੀ ਜ਼ਿਲੇ ਵਿਚ ਕੋਰੋਨਾ ਦੇ ਤਿੰਨ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਵਿਚ ਇਕ ਆਰਪੀਐਫ ਦਾ ਜਵਾਨ ਅਤੇ ਇਕ ਐਨਆਰਆਈ ਹੈ।
ਇਸ ਤੋਂ ਇਲਾਵਾ ਜ਼ਿਲੇ ਵਿਚ ਕੱਲ ਈਸ਼ਵਰ ਨਗਰ ਦੀ ਰਹਿਣ ਵਾਲੀ ਇਕ ਬਜ਼ੁਰਗ ਔਰਤ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਸਿਹਤ ਵਿਭਾਗ ਦੀ ਟੀਮ ਨੇ ਉਸ ਦਾ ਘਾਹ ਮੰਡੀ ਸ਼ਮਸਾਨ ਘਾਟ ਵਿਚ ਪੂਰੀ ਸਾਵਧਾਨੀ ਨਾਲ ਸਸਕਾਰ ਕਰਵਾਇਆ। ਇਸ ਦੇ ਨਾਲ ਹੀ ਸਿਵਲ ਹਸਪਤਾਲ ਤੋਂ ਦੋ ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਅਤੇ ਘਰ ਵਿਚ ਹੀ ਇਕਾਂਤਵਾਸ ਵਿਚ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ। ਇਥੇ ਦੱਸ ਦੇੱਈਏ ਕਿ ਜਲੰਧਰ ਜ਼ਿਲੇ ਵਿਚ ਕੋਰੋਨਾ ਵਾਇਰਸ ਕਰਕੇ ਸੱਤ ਲੋਕਾਂ ਦੀ ਮੌਤ ਹੋ ਚੁੱਕੀ ਹੈ।