Corona deceased Five family members : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਹੁਸ਼ਿਆਰਪੁਰ ਦੇ ਟਾਂਡਾ ਤੋਂ 5 ਵਿਅਕਤੀਆਂ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ ਵਿਚ ਜਿਸ ਵਿਅਕਤੀ ਦੀ ਬੀਤੇ ਦਿਨੀਂ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਸੀ, ਉਸ ਦੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਨਵੇਂ ਪੰਜਾਬ ਮਾਮਲਿਆਂ ਦੇ ਆਉਣ ਨਾਲ ਹੁਣ ਹੁਸ਼ਿਆਰਪੁਰ ਵਿਚ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ 99 ਹੋ ਗਈ ਹੈ।
ਦੱਸਣਯੋਗ ਹੈ ਕਿ ਇਸੇ ਪਿੰਡ ਦੇ ਲਖਵਿੰਦਰ ਸਿੰਘ ਦੀ ਪਿਛਲੇ ਦਿਨੀਂ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ ਅਤੇ ਉਸ ਦੀ ਮੌਤ ਤੋਂ ਬਾਅਦ ਆਈ ਰਿਪੋਰਟ ਵਿਚ ਉਸ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਲਖਵਿੰਦਰ ਸਿੰਘ ਦੇ ਸੰਪਰਕ ਵਿਚ ਰਹਿਣ ਵਾਲੇ ਉਸ ਦੇ ਅੱਠ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਕੇ ਕੋਰੋਨਾ ਟੈਸਟ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਅੱਜ ਪੰਜ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਪੰਜ ਮੈਂਬਰਾਂ ਵਿਚ ਲਖਵਿੰਦਰ ਸਿੰਘ ਦੀ ਪਤਨੀ, ਪਿਤਾ, ਬੇਟਾ ਅਤੇ ਦੋ ਹੋਰ ਮੈਂਬਰ ਸ਼ਾਮਲ ਹਨ। ਇਕੱਠੇ ਪੰਜ ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਸਿਹਤ ਵਿਭਾਗ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅੱਜ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਕਰਕੇ ਇਕ ਢਾਈ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਹ ਬੱਚੀ ਗੁਰੂ ਨਾਨਕ ਹਸਪਤਾਲ ਵਿਚ ਇਲਾਜ ਲਈ ਦਾਖਲ ਸੀ। ਬੱਚੇ ਨੂੰ ਖੰਘ, ਜੁਕਾਮ ਤੇ ਨਿਮੋਨੀਆ ਦੀ ਸ਼ਿਕਾਇਤ ਸੀ ਅਤੇ ਇਸ ਨੂੰ ਕੁਝ ਦਿਨ ਪਹਿਲਾਂ ਹੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿਸ ਦੀ ਅੱਜ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਦੀ ਰਿਪੋਰਟ ਵਿਚ ਉਸ ਦੇ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ।