Statement made by Gurmeet Pinki : ਇਕ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਮਾਮਲੇ ’ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਸੁਮੇਧ ਸੈਣੀ ਦੇ ਇਕ ਸਮੇਂ ਖਾਸ ਰਹੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਉਰਫ ਪਿੰਕੀ ਕੈਟ ਵੱਲੋਂ ਆਪਣੇ ਬਿਆਨ ਦਰਜ ਕਰਵਾਏ ਗਏ ਹਨ। ਪਿੰਕੀ ਸ਼ਨੀਵਾਰ ਸਵੇਰੇ 10 ਵਜੇ ਹੀ ਮਟੌਰ ਥਾਣੇ ਵਿਚ ਪਹੁੰਚ ਕੇ ਐਸਪੀ ਇਨਵੈਸਟੀਗੇਸ਼ਨ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਵਾਲੀ ਐਸਆਈਟੀ ਦੇ ਸਾਹਮਣੇ ਪੇਸ਼ ਹੋਇਆ ਤੇ ਆਪਣੇ ਬਿਆਨ ਦਰਜ ਕਰਵਾਏ।
ਮਿਲੀ ਜਾਣਕਾਰੀ ਮੁਤਾਬਕ ਪਿੰਕੀ ਨੇ ਐਸਆਈਟੀ ਨੂੰ ਦਰਜ ਕਰਵਾਏ ਬਿਆਨਾਂ ਵਿਚ ਕਿਹਾ ਹੈ ਕਿ ’ਸਿਟਕੋ’ ਵਿਚ ਜੇਈ ਵਜੋਂ ਤਾਇਨਾਤ ਬਲਵੰਤ ਸਿੰਘ ਮੁਲਤਾਨੀ ਦੀ ਮੌਤ ਪੁਲਿਸ ਹਿਰਾਸਤ ਵਿਚ ਹੀ ਤਸ਼ੱਦਦ ਕੀਤੇ ਜਾਣ ਕਰਕੇ ਹੋਈ ਸੀ। ਪਿੰਕੀ ਤੋਂ ਇਹ ਪੁੱਛਗਿੱਛ ਲਗਭਗ 3 ਘੰਟੇ ਤੱਕ ਚੱਲੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਰਮੀਤ ਸਿੰਘ ਪਿੰਕੀ ਨੇ ਸੁਮੇਧ ਸੈਣੀ ਬਾਰੇ ਕਈ ਵਾਰ ਖੁਲਾਸੇ ਕੀਤੇ ਹਨ ਇਕ ਕੌਮੀ ਅੰਗਰੇਜ਼ੀ ਰਸਾਲੇ ’ਆਊਟਲੁੱਕ’ ਵਿਚ ਉਸ ਦੀ ਇੰਟਰਵਿਊ ’ਤੇ ਆਧਾਰਤ ਲੇਖ ’ਕਨਫੈਸ਼ਨਜ਼ ਆਫ ਏ ਕਿੱਲਰ ਕਾਪ’ ਵਿਚ ਵੀ ਉਸ ਨੇ ਸੈਣੀ ਖਿਲਾਫ ਕਈ ਤੱਥ ਰਖੇ ਸਨ। ਇਥੇ ਦੱਸ ਦੇਈਏ ਕਿ ਡੀਜੀਪੀ ਸੈਣੀ ਖਿਲਾਫ 29 ਸਾਲ ਪੁਰਾਣੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸਾਲ 1991 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਵਿਚ ਐਸਐਸਪੀ ਦੇ ਅਹੁਦੇ ’ਤੇ ਤਾਇਨਾਤ ਸਨ, ਉਸ ਦੌਰਾਨ ਸੈਣੀ ’ਤੇ ਇਕ ਅੱਤਵਾਦੀ ਹਮਲਾ ਹੋਇਆ ਸੀ।
ਹਮਲੇ ਵਿਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਚਾਰ ਲੋਕ ਮਾਰੇ ਗਏ ਸਨ। ਇਸ ਦੌਰਾਨ ਬਲਵੰਤ ਸਿੰਘ ਮੁਲਤਾਨੀ ਨੂੰ ਚੰਡੀਗੜ੍ਹ ਵਿਚ ਪੁਲਿਸ ਦੇ ਦੋ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ’ਤੇ ਥਾਣੇ ਵਿਚ ਲਿਆਂਦਾ ਸੀ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਿਆ। ਫਿਰ ਮੁਲਤਾਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਉਨ੍ਹਾਂ ਦੇ ਭਰਾ ਪਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਸੀਬੀਆਈ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਸੈਣੀ ਵਿਰੁੱਧ 2007 ਵਿਚ ਕਾਰਵਾਈ ਸ਼ੁਰੂ ਕੀਤੀ ਸੀ ਪਰ ਬਾਅਦ ’ਚ ਇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਾਲ 2014 ’ਚ ਉਨ੍ਹਾਂ ਦੇ ਹੱਥ ਕਈ ਅਜਿਹੇ ਸਬੂਤ ਲੱਗੇ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਆਪਣਾ ਸੰਘਰਸ਼ ਸ਼ੁਰੂ ਕੀਤਾ। ਮੰਗਲਵਾਰ ਨੂੰ ਪੀੜਤ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਾਸੀ ਜਲੰਧਰ ਵੱਲੋਂ ਦਿੱਤੀ ਗਈ ਅਰਜ਼ੀ ’ਤੇ ਸਾਬਕਾ ਡੀਜੀਪੀ ’ਤੇ ਬੁੱਧਵਾਰ ਨੂੰ ਧਾਰਾ 364, 201, 344, 330 ਅਤੇ 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।