Corona Positive found 4 members : ਅੰਮ੍ਰਿਤਸਰ ’ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਅੱਜ ਫਿਰ ਸੋਮਵਾਰ ਸ਼ਹਿਰ ਵਿਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਥੇ ਇਕੋ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਣਯੋਗ ਹੈ ਕਿ ਇਹ ਚਾਰੋ ਮਰੀਜ਼ ਰਾਣੀ ਬਾਗ ਦੇ ਕੋਰੋਨਾ ਪਾਜ਼ੀਟਿਵ ਬੇਕਰੀ ਮਾਲਿਕ ਦੇ ਪਰਿਵਾਰਕ ਮੈਂਬਰ ਹਨ। ਇਨ੍ਹਾਂ ਚਾਰ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 333 ਹੋ ਗਈ ਹੈ।
ਦੱਸਣਯੋਗ ਹੈ ਕਿ ਇਨ੍ਹਾਂ ਚਾਰੋ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੀਤਾ ਗਿਆ ਹੈ। ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ ਵਿਚ ਕੀਤੇ ਗਏ ਟੈਸਟਾਂ ਦੀ ਰਿਪੋਰਟ ਵੀ ਇਨ੍ਹਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਦੇ ਰਹਿਣ ਵਾਲੇ ਇਕ 45 ਸਾਲਾ ਵਿਅਕਤੀ ਦੀ ਕੱਲ ਬੀਤੇ ਦਿਨ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਇਸ ਮਰੀਜ਼ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। ਇਹ ਮਰੀਜ਼ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਬੀਮਾਰੀ ਤੋਂ ਪੀੜਤ ਹੈ। ਦੱਸ ਦੇਈਏ ਕਿ ਰਾਣੀ ਕਾ ਬਾਗ ਇਲਾਕੇ ਤੋਂ ਲਗਭਗ ਦੋ ਦਰਜਨ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਥੇ ਦੱਸ ਦੇਈਏ ਕਿ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 301 ਮਰੀਜ਼ ਠੀਕ ਹੋ ਕੇ ਆਪੋ- ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ 26 ਐਕਟਿਵ ਮਰੀਜ਼ ਹਨ ਜਿਨ੍ਹਾਂ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2060 ਨੂੰ ਪਾਰ ਕਰ ਗਈ ਹੈ, ਜਦਕਿ 40 ਲੋਕਾਂ ਦੀ ਹੁਣ ਤੱਕ ਇਸ ਖਤਰਨਾਕ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 1898 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।