Confirmation of new case of Corona : ਗੁਰਦਾਸਪੁਰ ਵਿਖੇ ਕੋਰੋਨਾ ਵਾਇਰਸ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕਸਬਾ ਦੋਰਾਂਗਲਾ ’ਚ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਕਬੀਤੇ ਦਿਨੀਂ ਮੁੰਬਈ ਤੋਂ ਵਾਪਿਸ ਪੰਜਾਬ ਪਰਤਿਆ ਸੀ। ਇਸ ਨਵੇਂ ਮਾਮਲੇ ਦੀ ਪੁਸ਼ਟੀ ਗੁਰਦਾਸੁਪਰ ਦੇ ਸਿਵਲ ਸਰਜਨ ਵੱਲੋਂ ਕੀਤੀ ਗਈ ਹੈ। ਉਕਤ ਮਰੀਜ਼ ਨੂੰ ਧਾਰੀਵਾਲ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 133 ਹੋ ਗਈ ਹੈ, ਜਦਕਿ ਹੁਣ ਤੱਕ ਜ਼ਿਲੇ ਵਿਚ ਤਿੰਨ ਮਰੀਜ਼ਾਂ ਦੀ ਇਸ ਵਾਇਰਸ ਨਾਲ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ਇਕ ਵਿਅਕਤੀ ਪਿੰਡ ਭੈਣੀ ਪਸਵਾਲ ਦਾ ਰਹਿਣ ਵਾਲਾ ਸੀ, ਜਦਕਿ ਦੋ ਵਿਅਕਤੀਆਂ, ਜੋਕਿ ਗੁਰਦਾਸਪੁਰ ਦੇ ਰਹਿਣ ਵਾਲੇ ਸਨ, ਦੀ ਮੌਤ ਲੁਧਿਆਣਾ ਦੇ ਹਸਪਤਾਲ ਵਿਚ ਹੋਈ ਸੀ।
ਇਥੇ ਜ਼ਿਕਰਯੋਗ ਹੈ ਕਿ ਅਜੇ ਵੀ ਸੂਬੇ ਵਿਚ ਕੋਰੋਨਾ ਦੇ ਨਵੇਂ ਕੇਸ ਮਿਲ ਰਹੇ ਹਨ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਨਵੇਂ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਅੰਮ੍ਰਿਤਸਰ ਤੋਂ ਕੋਰੋਨਾ ਦੇ ਦੋ ਮਾਮਲੇ ਸਾਹਮਣੇ ਆਏ ਹਨ ਅਤੇ ਫਰੀਦਕੋਟ ’ਚੋਂ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ, ਜੋਕਿ ਗੁੜਗਾਓਂ ਤੋਂ ਵਾਪਿਸ ਆਇਆ ਸੀ। ਇਸ ਤੋਂ ਇਲਾਵਾ ਸੰਗਰੂਰ ਤੋਂ ਕੋਰੋਨਾ ਵਾਇਰਸ ਦੋ ਮਾਮਲੇ ਸਾਹਮਣੇ ਆਏ ਹਨ, ਜਦਕਿ ਮੋਹਾਲੀ ਤੋਂ ਇਕ ਦਿੱਲੀ ਪਰਤੇ 32 ਸਾਲਾ ਵਿਅਕਤੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਹੁਣ ਤੱਕ ਸੂਬੇ ਵਿਚ ਕੋਰੋਨਾ ਵਾਇਰਸ ਨਾਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਂਝ ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਸੂਬੇ ਵਿਚ ਪੰਜ ਜ਼ਿਲੇ ਕੋਰੋਨਾ ਮੁਕਤ ਹੋ ਗਏ ਹਨ।