Sarbatt Da Bhala Trust: ਜਲੰਧਰ: ਦੁਬਈ ਦੇ ਨਾਂਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਤ ਹੋਏ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਮੁਹਿੰਮ ਤਹਿਤ ਹੁਣ ਤੱਕ ਰੋਜ਼ੀ-ਰੋਟੀ ਤੋਂ ਵਾਂਝੇ 1200 ਤੋਂ ਵਧੇਰੇ ਸਿੱਖ ਪ੍ਰਚਾਰਕਾਂ ਤੇ ਗ੍ਰੰਥੀ ਸਿੰਘਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਜਾ ਚੁੱਕਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ,ਸੀਨੀਅਰ ਮੈੰਬਰ ਆਤਮਪ੍ਰਕਾਸ਼ ਸਿੰਘ ਅਤੇ ਕੁੰਵਰ ਸਿੰਘ ਆਦਿ ਨੇ ਦੱਸਿਆ ਕਿ ਡਾ.ਐੱਸ.ਪੀ.ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਹੁਣ ਤੱਕ ਪੂਰੇ ਪੰਜਾਬ ਅੰਦਰ 1200 ਤੋਂ ਵਧੇਰੇ ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾ ਚੁੱਕਾ ਹੈ ਅਤੇ ਏਸੇ ਲੜੀ ਤਹਿਤ ਅੱਜ ਜਲੰਧਰ ਸ਼ਹਿਰ ਨਾਲ ਸਬੰਧਿਤ 25 ਹੋਰ ਲੋੜਵੰਦ ਸਿੱਖ ਪ੍ਰਚਾਰਕਾਂ ਅਤੇ ਗ੍ਰੰਥੀ ਸਿੰਘਾਂ ਨੂੰ ਵੀ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਕੀਤੇ ਜਾ ਰਹੇ ਸਾਰੇ ਸੇਵਾ ਕਾਰਜ ਆਉਣ ਵਾਲੇ ਸਮੇਂ ‘ਚ ਵੀ ਨਿਰੰਤਰ ਜਾਰੀ ਰਹਿਣਗੇ। ਇਸ ਦੌਰਾਨ ਮੌਜੂਦ ਸਿੱਖ ਪ੍ਰਚਾਰਕਾਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਇਸ ਔਖੀ ਘੜੀ ‘ਚ ਗੁਰੂ ਘਰ ਦੇ ਸੇਵਾਦਾਰਾਂ ਦੀ ਮਦਦ ਲਈ ਸਭ ਤੋਂ ਅੱਗੇ ਆਉਣ ਤੇ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਧਰਮ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵੱਲੋਂ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਉਪਕਾਰਾਂ ਦੀ ਬਦੌਲਤ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਵੀ ਮਾਣ ਨਾਲ ਉੱਚਾ ਹੋਇਆ ਹੈ।