Deputy Commissioner visits: ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕੋਵਿਡ-19 ਦੌਰਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਨਿਭਾਈ ਜਾ ਰਹੀ ਸ਼ਾਨਦਾਰ ਡਿਊਟੀ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ ਵੀ ਮੌਜੂਦ ਸਨ । ਇਸ ਮੌਕੇ ਕੰਟਰੋਲ ਰੂਮ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਇਸ ਔਖੀ ਘੜੀ ਵਿੱਚ ਨਿਭਾਈ ਜਾ ਰਹੀ ਡਿਊਟੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਕੰਟਰੋਲ ਰੂਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੱਡੇ ਪੱਧਰ ’ਤੇ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਆਮ ਲੋਕਾਂ ਵਿਚਕਾਰ ਇਕ ਪੁਲ ਦਾ ਕੰਮ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਕੰਟਰੋਲ ਰੂਮ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਕਟ ਸਮੇਂ ਕੰਟਰੋਲ ਰੂਮ ਵਲੋਂ ਰੋਜ਼ਾਨਾ 3000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਕੀਤੀਆਂ ਗਈਆਂ ਜਿਨਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਨੂੰ ਸਬੰਧਿਤ ਵਿਭਾਗਾਂ ਨੂੰ ਭੇਜਿਆ ਗਿਆ ਤੇ ਕੰਟਰੋਲ ਰੂਮ ਦੀ ਦੇਖ ਰੇਖ ਕਰ ਰਹੇ ਅਧਿਕਾਰੀਆਂ ਵਲੋਂ ਸਮੇਂ ਸਿਰ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਗਿਆ । ਉਨ੍ਹਾਂ ਕਿਹਾ ਕਿ ਹੁਣ ਪਹਿਲਾਂ ਦੇ ਮੁਕਾਬਲੇ ਟੈਲੀਫੋਨ ਆਉਣੇ ਘਟੇ ਹਨ ਪਰ ਅਜੇ ਕੰਮ ਮੁਕੰਮਲ ਨਹੀਂ ਹੋਇਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਪਣੀ ਡਿਊਟੀ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਜਾਰੀ ਰੱਖਿਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਕੰਟਰੋਲ ਰੂਮ ’ਤੇ ਕੰਮ ਦਾ ਬੋਝ ਕੁਝ ਘਟਿਆ ਹੈ ਪਰ ਕੋਰੋਲਾ ਵਾਇਰਸ ਦਾ ਖ਼ਤਰਾ ਅਜੇ ਘਟਿਆ ਨਹੀਂ ਹੈ,ਇਸ ਲਈ ਅਧਿਕਾਰੀਆਂ ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿਤਿਆ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।