ਕਪੂਰਥਲਾ: ਜ਼ਿਲਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਚਰਵਾਹੇ/ਵਿਅਕਤੀ ਵੱਲੋਂ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਨੂੰ ਜ਼ਿਲਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਜੁਲਾਈ 2020 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਚਰਵਾਹੇ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਆਦਿ ਲੈ ਕੇ ਜ਼ਿਲਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ-ਫਿਰਦੇ ਹਨ, ਜੋ ਕਿ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲੇ ਦੇ ਹਰੇਕ ਪਿੰਡ ਵਿਚ ਹਰਿਆਵਲ ਮਿਸ਼ਨ ਤਹਿਤ 550 ਬੂਟੇ ਵੀ ਲਗਾਏ ਗਏ ਹਨ। ਹਰਿਆਵਲ ਮਿਸ਼ਨ ਤਹਿਤ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਅਤੇ ਜ਼ਿਲਾ ਕਪੂਰਥਲਾ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਇਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ।