4 new cases from Hoshiarpur : ਹੁਸ਼ਿਆਰਪੁਰ ਜ਼ਿਲੇ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਫਿਰ ਜ਼ਿਲੇ ਵਿਚ ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ ਵਿਚੋਂ ਚਾਰ ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਚਾਰ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਸ਼ਿਆਰਪੁਰ ਵਿਚ ਕੁਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 119 ਹੋ ਗਈ ਹੈ, ਉਥੇ ਹੀ ਕੋਰੋਨਾ ਦੇ ਹੌਟਸਪੌਟ ਬਣੇ ਪਿੰਡ ਨੰਗਲੀ (ਜਲਾਲਪੁਰ) ਤੋਂ ਹੀ 18 ਮਰੀਜ਼ ਹੁਣ ਤੱਕ ਸਾਹਮਣੇ ਆਏ ਹਨ, ਜਿਸ ’ਤੇ ਪਿੰਡ ਦੇ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਵਿਚ ਤਬਦੀਲ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਿਚੋਂ ਹੁਣ ਨਵੇਂ ਚਾਰ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿੰਡ ਵਿਚ ਵਧਦੇ ਮਾਮਲਿਆਂ ਨੂੰ ਦੇਖਿਦਆਂ ਕੋਰੋਨਾ ਦੀ ਚੇਨ ਤੋੜਨ ਲਈ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅੱਜ ਸਾਰਾ ਦਿਨ ਮਾਸ ਸੈਂਪਲਿੰਗ ਕੀਤੀ ਗਈ, ਜਿਸ ਵਿਚ ਲਗਭਗ ਪੂਰੇ ਪਿੰਡ ਦੇ ਹੀ ਕੋਰੋਨਾ ਜਾਂਚ ਲਈ ਸੈਂਪਲ ਲਏ ਜਾਣਗੇ, ਜਿਸ ਅਧੀਨ ਪਹਿਲੇ ਪੜਾਅ ਵਿਚ ਲਗਭਗ 59 ਟੈਸਟ ਕੀਤੇ ਗਏ ਹਨ। ਦੱਸਣਯੋਗ ਹੈ ਕਿ ਜ਼ਿਲਾ ਨੋਡਲ ਅਫਸਰ ਸੈਲੇਸ਼ ਕੁਮਾਰ ਦੇ ਪਿੰਡ ਦਾ ਜਾਇਜ਼ਾ ਲੈਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਤਿਆਰ ਕਰ ਰਹੀਆਂ ਹਨ ਅਤੇ ਇਸ ਆਧਾਰ ’ਤੇ ਅੱਜ ਸਵੇਰੇ ਟੈਸਟ ਲਈ ਸੈਂਪਲ ਲੈਣ ਦੀ ਮੁਹਿੰਮਦ ਸ਼ੁਰੂ ਕੀਤੀ ਗਈ।
ਸੂਬੇ ਵਿਚ ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਜ਼ਿਲੇ ਵਿਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਰੋਪੜ ਤੋਂ ਕੋਰੋਨਾ ਦਾ ਇਕ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਤੋਂ ਕੋਰੋਨਾ ਦੇ ਇਕ ਤੇ ਮੋਹਾਲੀ ਜ਼ਿਲੇ ’ਚ ਵੀ ਕੋਰੋਨਾਵਾਇਰਸ ਦੇ ਦੋ ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।