Announce further relaxation : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੌਕਡਾਊਨ ਨੂੰ ਚਾਰ ਹਫ਼ਤਿਆਂ ਵਧਾਉਂਦਿਆਂ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੁਝ ਹੋਰ ਢਿੱਲ ਦੇਣ ਦਾ ਐਲਾਨ ਕੀਤਾ। ਭਾਵੇਂ ਮਾਹਿਰਾਂ ਨੇ ਪ੍ਰਾਹੁਣਚਾਰੀ ਉਦਯੋਗ ਅਤੇ ਮਾਲਜ਼ ਖੋਲਣ ਵਿਰੁੱਧ ਸਲਾਹ ਦਿੱਤੀ ਹੈ ਪਰ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੌਕਡਾਊਨ 5.0 ਲਈ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲਾ ਕਦਮ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਨੇ ਅੱਜ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਸੀਨੀਅਰ ਅਧਿਕਾਰੀਆਂ ਸਮੇਤ ਸਿਹਤ ਮਾਹਿਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਬਾਰੇ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਫੈਸਲੇ ਦਾ ਐਲਾਨ ਕੀਤਾ। ਇਹ ਕਦਮ 31 ਮਈ ਤੋਂ ਬਾਅਦ ਲੌਕਡਾਊਨ ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਲੀਹ ’ਤੇ ਹੋਵੇਗਾ। ਇਸ ਤੋਂ ਬਾਅਦ ਫੇਸਬੁੱਕ ਲਾਈਵ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦਾ ਖਤਰਾ ਅਜੇ ਟਲਿਆ ਨਹੀਂ ਹੈ ਅਤੇ ਜੇਕਰ ਲੋੜ ਪਈ ਤਾਂ ਉਹ ਪੰਜਾਬੀਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਖਤ ਕਦਮ ਚੁੱਕਣੇ ਜਾਰੀ ਰੱਖਣਗੇ। ਨਿਰੰਤਰ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਮਹਾਮਾਰੀ ਦੇ ਫੈਲਾਅ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਮਦਦ ਲਈ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਉਪਾਵਾਂ ਦਾ ਪਾਲਣਾ ਕਰਨ ਲਈ ਸੂਬੇ ਦੇ ਨਾਗਰਿਕਾਂ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਲੌਕਡਾਊਨ ਵਿੱਚ ਵਾਧਾ ਇਸ ਸ਼ਰਤ ’ਤੇ ਹੋਵੇਗਾ ਕਿ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨਾਂ ਨੇ ਗਰੀਬਾਂ ਨੂੰ ਮੁਫਤ ਮਾਸਕ ਵੰਡਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੋੜਵੰਦਾਂ ਅਤੇ ਗਰੀਬਾਂ ਜੋ ਮਾਸਕ ਨਹੀਂ ਖਰੀਦ ਸਕਦੇ, ਨੂੰ ਰਾਸ਼ਨ ਕਿੱਟਾਂ ਦੇ ਨਾਲ ਮਾਸਕ ਵੰਡਣ ਲਈ ਤੁਰੰਤ ਲੋੜੀਂਦੇ ਕਦਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਦੱਸਿਆ ਕਿ ਸਾਰੇ ਜ਼ਿਲਿਆਂ ਵਿੱਚ ਮਾਸਕ ਪਹਿਨਣ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਤੋਂ ਹੁਣ ਤੱਕ ਇਕ ਕਰੋੜ ਤੋਂ ਵੱਧ ਰਾਸ਼ੀ ਜੁਰਮਾਨੇ ਦੇ ਰੂਪ ਵਿੱਚ ਇਕੱਤਰ ਕੀਤੀ ਗਈ ਹੈ।