Captain rejects modest : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਭਾਰੀ ਮੁਸ਼ਕਿਲਾਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਵੱਲੋਂ ਵੱਡੇ ਪੈਮਾਨੇ ‘ਤੇ ਹਾੜੀ ਦੀ ਫਸਲ ਅਤੇ ਖਰੀਦ ਪ੍ਰਕਿਰਿਆ ਨੂੰ ਸਫਲਤਾ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸੰਕਟ ਦੇ ਇਹਨਾਂ ਸਮਿਆਂ ਦਰਮਿਆਨ ਮੁਲਕ ਨੂੰ ਲੋੜੀਂਦੀ ਖੁਰਾਕੀ ਸੁਰੱਖਿਆ ਇਕ ਵਾਰ ਫੇਰ ਮੁਹੱਈਆ ਕਰਵਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਬਦਲੇ ਕਿਸਾਨ ਆਪਣਾ ਬਣਦਾ ਹੱਕ ਚਾਹੁੰਦੇ ਹਨ, ਦਾਨ ਨਹੀਂ ਅਤੇ ਕੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸੇ ਤਰਾਂ ਉਨਾਂ ਦੀਆਂ ਜਾਇਜ਼ ਮੰਗਾਂ ਅਤੇ ਜ਼ਰੂਰਤਾਂ ਨੂੰ ਅੱਖੋਂ ਪਰੋਖੇ ਕਰਨਾ ਜਾਰੀ ਰੱਖੇਗੀ।
ਮੁੱਖ ਮੰਤਰੀ ਨੇ ਕੇਂਦਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਅਤੇ ਵੱਡੇ ਸਹਾਇਤਾ ਪੈਕੇਜ ਲਿਆਉਣ ਲਈ ਆਖਿਆ ਜਿਸ ਵਿੱਚ ਘੱਟੋ-ਘੱਟ ਸਮੱਰਥਨ ਮੁੱਲ ’ਚ ਵਾਧਾ, ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਵਿੱਤੀ ਰਿਆਇਤਾਂ, ਫਸਲੀ ਨੁਕਸਾਨ ਅਤੇ ਟੁੱਟਵੀਂ ਕਣਕ ਖ੍ਰੀਦ ਪ੍ਰਿਆ ਲਈ ਲਈ ਮੁਆਵਜਾ ਸ਼ਾਮਲ ਹੋਵੇ। ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕਰਵਾਇਆ ਕਿ ਪਿਛਲੇ ਮਹੀਨੇ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2902 ਰੁਪਏ ਪ੍ਰਤੀ ਕੁਇੰਟਲ ਤੱਕ ਵਧਾਉਣ ਲਈ ਅਪੀਲ ਕੀਤੀ ਸੀ ਜਿਸ ਤੋਂ ਉਲਟ ਜਾਂਦਿਆਂ ਕੇਂਦਰ ਸਰਕਾਰ ਵੱਲੋਂ ਮਹਿਜ਼ 1868 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ ਘੱਟ ਸਮੱਰਥਨ ਮੁੱਲ ਐਲਾਨਿਆ ਗਿਆ ਹੈ।