Sadhu Singh Dharamsout orders : ਸਾਧੂ ਸਿੰਘ ਧਰਮਸੌਤ ਨੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਜਲਦ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਗਰੋਂ ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀ ਤਰੱਕੀ ਕਰਨ ਦੇ ਆਦੇਸ਼ ਦਿੱਤੇ ਹਨ, ਜੋ ਤਰੱਕੀ ਸਬੰਧੀ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕਰਵਾ ਕੇ ਇਸ ਨੂੰ ਅਮਲੀ ਰੂਪ ਦੇ ਦਿੱਤਾ ਜਾਵੇ ਅਤੇ ਨਿਯਮ/ਸ਼ਰਤਾਂ ਪੂਰੀਆਂ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮੋਟ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਤਰੱਕੀ ਨਾਲ ਵਿਭਾਗ ‘ਚ ਸੀਨੀਅਰ ਅਧਿਕਾਰੀਆਂ ਦੀਆਂ ਖ਼ਾਲੀ ਆਸਾਮੀਆਂ ਭਰੀਆਂ ਜਾਣਗੀਆਂ, ਜਿਸ ਨਾਲ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ।
ਧਰਮਸੌਤ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਸਬੰਧਤ 309 ਕਰੋੜ ਰੁਪਏ ਦੀ ਰਾਸ਼ੀ ਸੂਬਾ ਸਰਕਾਰ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਵਿੱਚੋਂ ਵਜ਼ੀਫ਼ੇ ਨਾਲ ਸਬੰਧਤ 206 ਕਰੋੜ ਦੀ ਰਾਸ਼ੀ ਨੂੰ ਛੇਤੀ ਜਾਰੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਜ਼ੀਫ਼ਾ ਰਾਸ਼ੀ ਵਿਦਿਆਰਥੀਆਂ ਦੇ ਖਾਤਿਆਂ ‘ਚ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਾਲਰਸ਼ਿਪ ਦੀ ਰਹਿੰਦੀ ਬਕਾਇਆ ਰਾਸ਼ੀ ਬਾਰੇ ਵੀ ਕੇਂਦਰ ਨਾਲ ਛੇਤੀ ਦੀ ਰਾਬਤਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਸਰਕਾਰ ਨੇ ਜਿੱਥੇ ਪੜ੍ਹਾਈ ਦੇ ਪ੍ਰਬੰਧ ਕੀਤੇ ਹਨ, ਉੱਥੇ ਹੀ ਬੇਰੁਜ਼ਗਾਰ ਨੌਜਵਾਨਾਂ ਲਈ 50 ਹਜ਼ਾਰ ਤੋਂ 2 ਲੱਖ ਤੱਕ ਦੇ ਘੱਟ ਵਿਆਜ ਦਰਾਂ ਵਾਲੇ ਕਰਜ਼ੇ ਵੀ ਮੁਹੱਈਆ ਕਰਵਾਏ ਹਨ। ਧਰਮਸੌਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।