Four Corona New cases found : ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਵਿਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਇਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਦਾ ਇਕ ਜਦਕਿ ਬਠਿੰਡਾ ਤੋਂ ਤਿੰਨ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਇਕ ਗਰਭਵਤੀ ਔਰਤ ਦੀ ਕੋਰੋਨਾ ਟੈਸਟ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਹੈ। ਇਹ ਔਰਤ ਮਲੋਟ ਨਾਲ ਸਬੰਧਤ ਹੈ। ਇਸ ਪਾਜ਼ੀਟਿਵ ਮਾਮਲੇ ਦੀ ਪੁਸ਼ਟੀ ਸਿਵਲ ਸਰਜਨ ਦਫਤਰ ਵੱਲੋਂ ਕੀਤੀ ਗਈ ਹੈ।
ਹੁਣ ਜ਼ਿਲੇ ਵਿਚ ਕੋਰੋਨਾ ਦੇ ਤਿੰਨ ਐਕਟਿਵ ਕੇਸ ਹੋ ਗਏ ਹਨ। ਇਸ ਤੋਂ ਪਹਿਲਾਂ ਗੁੜਗਾਓਂ ਤੋਂ ਵਾਪਸ ਪਰਤੇ ਮਲੋਟ ਵਾਸੀ ਇਕ ਵਿਅਕਤੀ ਅਤੇ ਪਿੰਡ ਤਰਮਾਲਾ ਨਾਲ ਸਬੰਧਤ ਇਕ ਔਰਤ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ। ਦੱਸਣਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ। ਇਨ੍ਹਾਂ ਤਿੰਨ ਮਾਮਲਾਂ ਨਾਲ ਜ਼ਿਲੇ ਵਿਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 70 ਹੋ ਗਈ ਹੈ ਜਿਨ੍ਹਾਂ ਵਿਚੋਂ 67 ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ, ਜਦਕਿ ਇਨ੍ਹਾਂ ਤਿੰਨ ਨਵੇਂ ਮਾਮਲਿਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਉਧਰ ਬਠਿੰਡਾ ਤੋਂ ਵੀ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਥੇ ਤਿੰਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਹ ਤਿੰਨੋਂ ਮਰੀਜ਼ ਇਕੋ ਹੀ ਪਰਿਵਾਰ ਨਾਲ ਸਬੰਧਤ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ 1 ਜੂਨ ਨੂੰ ਗੰਗਾਨਗਰ ਤੋਂ ਵਾਪਿਸ ਪਰਤਿਆ ਸੀ, ਜਿਨ੍ਹਾਂ ਨੂੰ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਸੀ। ਇਨ੍ਹਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲੈ ਲਏ ਗਏ ਸਨ, ਜਿਸ ਦੀ ਅੱਜ ਸਵੇਰੇ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਬਠਿੰਡਾ ਵਿਚ ਹੁਣ ਕੁਲ ਪਾਜ਼ੀਟਿਵ ਕੇਸਾਂ ਦੀ ਗਿਣਤੀ 51 ਹੋ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ 43 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।