New Corona Positive : ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਵਿਚ ਲਗਾਤਾਰ ਜਾਰੀ ਹੈ। ਅੱਜ ਗੁਰਦਾਸਪੁਰ ਤੋਂ ਕੋਰੋਨਾ ਵਾਇਰਸ ਦਾ ਇਕ ਅਤੇ ਜਲੰਧਰ ਤੋਂ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ ਕਾਦਰੀ ਮੁਹੱਲਾ ਦਾ ਰਹਿਣ ਵਾਲਾ ਹੈ ਅਤੇ ਕੁਝ ਦਿਨ ਪਹਿਲਾਂ ਕੁਵੈਤ ਤੋਂ ਪੰਜਾਬ ਵਾਪਿਸ ਪਰਤਿਆ ਸੀ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਪਠਾਨਕੋਟ ’ਚ ਵੀ ਸਵੇਰੇ ਇਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਇਹ ਪਰਿਵਾਰ 1 ਜੂਨ ਨੂੰ ਗੰਗਾਨਗਰ ਤੋਂ ਵਾਪਿਸ ਪਰਤਿਆ ਸੀ ਤੇ 2 ਜੂਨ ਨੂੰ ਇਨ੍ਹਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ ਸਨ।
ਉਧਰ ਜਲੰਧਰ ’ਚੋਂ ਵੀ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਇਕ ਗਰਭਵਤੀ ਔਰਤ ਵੀ ਸ਼ਾਮਲ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਪਾਜ਼ੀਟਿਵ ਆਏ ਮਰੀਜ਼ਾਂ ਵਿਚ ਦੋ ਔਰਤਾਂ ਤੇ 2 ਮਰਦ ਸ਼ਾਮਲ ਹਨ। ਫਿਲਹਾਲ ਇਨ੍ਹਾਂ ਮਰੀਜ਼ਾਂ ਦੀ ਕੋਈ ਟ੍ਰੈਵਲ ਹਿਸਟਰੀ ਸਾਹਮਣੇ ਨਹੀਂ ਆਈ ਹੈ ਅਤੇ ਇਹ ਨਹੀਂ ਪਤਾ ਲੱਗਾ ਕਿ ਇਹ ਲੋਕ ਇਸ ਵਾਇਰਸ ਦੀ ਲਪੇਟ ਵਿਚ ਕਿਵੇਂ ਆਏ ਹਨ।
ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਪਾਜ਼ੀਟਿਵ ਮਰੀਜ਼ਾਂ ਵਿਚ ਰੋਜ਼ ਗਾਰਡਨ ਦੀ ਇਕ 65 ਸਾਲਾ ਔਰਤ, ਲੰਮਾ ਪਿੰਡ ਦੀ ਇਕ 28 ਸਾਲਾ ਗਰਭਵਤੀ ਔਰਤ, ਪ੍ਰੀਤ ਨਗਰ ਲਾਡੋਵਾਲੀ ਰੋਡ ਦਾ ਇਕ 29 ਸਾਲਾ ਨੌਜਵਾਨ ਤੇ ਟੈਗੋਰ ਨਗਰ ਦਾ 55 ਸਾਲਾ ਵਿਅਕਤੀ ਸ਼ਾਮਲ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 270 ਹੋ ਗਿਆ ਹੈ, ਜਦਕਿ 9 ਲੋਕ ਜ਼ਿਲੇ ਵਿਚ ਇਸ ਵਾਇਰਸ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਦੱਸ ਦੇਈਏ ਕਿ ਹੁਣ ਤੱਕ ਜਲੰਰ ਵਿਚ ਕੋਰੋਨਾ ਦੇ 8778 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 7800 ਦੀ ਰਿਪੋਰਟ ਨੈਗੇਟਿਵ ਆਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 215 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਇਸ ਸਮੇਂ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 42 ਹੈ।