One More patient of Corona : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੇ ਲਗਾਤਾਰ ਸੂਬੇ ਵਿਚ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲੇ ਵਿਚ ਬਠਿੰਡਾ ਤੋਂ ਕੋਰੋਨਾ ਦੇ ਇਕ ਨਵੇਂ ਮਾਮਲੇ ਦੀ ਪੁਸ਼ਟੀ ਹੋਈ ਹੈ, ਜਿਥੇ ਇਕ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜੋਕਿ ਦਿੱਲੀ ਤੋਂ ਪੰਜਾਬ ਪਰਤਿਆ ਸੀ। ਇਸ ਨੂੰ ਪੰਜਾਬ ਤੋਂ ਬਾਹਰੋਂ ਆਉਣ ਕਰਕੇ ਹੋਮ ਕੁਆਰੰਟਾਈਨ ਕੀਤਾ ਹੋਇਆ ਸੀ ਅਤੇ ਇਸ ਦੇ ਕੋਰੋਨਾ ਟੈਸਟ ਲਈ ਸੈਂਪਲ ਲੈ ਗਏ ਸਨ, ਜਿਸ ਦੀ ਰਿਪੋਰਟ ਵਿਚ ਅੱਜ ਉਸ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਮਾਮਲੇ ਦੀ ਪੁਸ਼ਟੀ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਕੀਤੀ ਹੈ। ਇਹ ਨਵਾਂ ਮਾਮਲਾ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਗਿਣਤੀ 11 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਅੱਜ 142 ਹੋਰ ਟੈਸਟਾਂ ਦੀਆਂ ਰਿਪੋਰਟਾਂ ਆਈਆਂ ਹਨ, ਜੋਕਿ ਨੈਗੇਟਿਵ ਪਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ 61 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਿਨ੍ਹਾਂ ਵਿਚੋਂ 50 ਵਿਅਕਤੀ ਠੀਕ ਹੋ ਕੇ ਘਰਾਂ ਨੂੰ ਪਰਤ ਰਹੇ ਹਨ, ਜਦਕਿ 11 ਮਰੀਜ਼ਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਨਿਕਲਦੇ ਸਮੇਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨ੍ਹਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ।
ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਦੂਜੇ ਵਿਅਕਤੀਆਂ ਦੀ ਸਿਹਤ ਸਥਿਤੀ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ, ਇਸ ਲਈ ਇਸ ਤਰ੍ਹਾਂ ਦੀਆਂ ਥਾਵਾਂ ’ਤੇ ਜਾਣ ਲੱਗਿਆਂ ਮਾਸਕ ਜ਼ਰੂਰ ਪਹਿਨ ਕੇ ਰਖੋ ਅਤੇ ਇਕ ਦੂਜੇ ਤੋਂ ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰਖੋ।