Death due to Corona Virus in Punjab : ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਫਿਰ ਕੋਰੋਨਾ ਵਾਇਰਸ ਨੇ ਸੂਬੇ ਵਿਚ ਇਕ ਹੋਰ ਵਿਅਕਤੀ ਦੀ ਜਾਨ ਲੈ ਲਈ। ਮਿਲੀ ਜਾਣਕਾਰੀ ਮੁਤਾਬਕ ਨਾਭਾ ਵਿਖੇ ਆਦਰਸ਼ ਕਾਲੋਨੀ ਦੇ ਵਿਅਕਤੀ ਤਰਸੇਮ ਲਾਲ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਖਬਰ ਆਈ ਹੈ। ਇਸ ਵਿਅਕਤੀ ਦੀ ਉਮਰ ਲਗਭਗ 45 ਸਾਲ ਸੀ ਅਤੇ ਇਹ ਨਾਭਾ ਦੀ ਦੁੱਧ ਫੈਕਟਰੀ ਵਿੱਚ ਕਰਦਾ ਸੀ।
ਦੱਸਣਯੋਗ ਹੈ ਕਿ ਤਰਸੇਮ ਲਾਲ 5 ਜੂਨ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਚੈਕਅੱਪ ਕਰਵਾਉਣ ਲਈ ਗਿਆ ਸੀ, ਜਿਥੇ ਡਾਕਟਰਾਂ ਵੱਲੋਂ ਇਸ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਸੀ, ਜਿਸ ਵਿਚ ਇਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਸੀ। ਇਸ ਦੀ ਅੱਜ ਪਟਿਆਲਾ ਦੇ ਹਸਪਤਾਲ ਵਿਚ ਮੌਤ ਹੋ ਗਈ। ਸਿਹਤ ਵਿਭਾਗ ਵੱਲੋਂ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਤਰਸੇਮ ਲਾਲ ਸ਼ੂਗਰ ਅਤੇ ਹੋਰ ਕਈ ਬੀਮਾਰੀਆਂ ਤੋਂ ਵੀ ਪੀੜਤ ਸੀ।
ਇਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਮਾਮਲੇ ਸੂਬੇ ਵਿਚ ਲਗਾਤਾਰ ਵਧ ਰਹੇ ਹਨ। ਅੱਜ ਅੰਮ੍ਰਿਤਸਰ ਜ਼ਿਲੇ ਵਿਚ ਇਸ ਦੇ ਵੱਡੀ ਗਿਣਤੀ ਵਿਚ ਸਾਹਮਣੇ ਆਏ ਹਨ, ਜਿਥੇ 13 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚ ਇਕ 8 ਮਹੀਨਿਆਂ ਦਾ ਬੱਚਾ ਵੀ ਸ਼ਾਮਲ ਹੈ। ਇਹ ਨਵੇਂ ਮਾਮਲੇ ਆਉਣ ਨਾਲ ਹੁਣ ਮਰੀਜ਼ਾਂ ਦਾ ਅੰਕੜਾ ਵਧ ਕੇ 481 ਹੋ ਗਿਆ ਹੈ। ਦੱਸਣਯੋਗ ਹੈ ਪੰਜਾਬ ਵਿਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਅੰਮ੍ਰਿਤਸਰ ਜ਼ਿਲੇ ਵਿਚ ਸਭ ਤੋਂ ਵਧ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਥੇ ਹੁਣ ਤੱਕ 8 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਇਸ ਜ਼ਿਲੇ ਨੂੰ ਰੈੱਡ ਜ਼ੋਨ ਐਲਾਨਿਆ ਗਿਆ ਹੈ।