Complete ban on selling: ਕਪੂਰਥਲਾ : ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਨਾਈਲੋਨ ਦੀ ਬਣੀ ਡੋਰ/ਚਾਈਨਾ ਡੋਰ ਅਤੇ ਸਿੰਥੈਟਿਕ ਮਾਂਜਾ ਲੱਗੀ ਡੋਰ ਨੂੰ ਵੇਚਣ, ਖ਼ਰੀਦਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 1 ਅਗਸਤ 2020 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਅੱਜਕਲ ਪਤੰਗ/ਗੁੱਡੀਆਂ ਉਡਾਉਣ ਲਈ ਲੋਕਾਂ ਵੱਲੋਂ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿਚ ਕੀਤੀ ਜਾਂਦੀ ਹੈ। ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ, ਜੋ ਕਾਫੀ ਮਜ਼ਬੂਤ ਹੁੰਦੀ ਹੈ, ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਲਈ ਇਸ ਕਾਰਵਾਈ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੀ ਫੌਰੀ ਜ਼ਰੂਰਤ ਹੈ।