Evaluates the performance : ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓ ਪੀ ਸੋਨੀ ਵਲੋਂ ਕੋਵਿਡ 19 ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੀ ਕਾਰਜਪ੍ਰਣਾਲੀ ਦਾ ਮੁਲਾਂਕਣ ਕੀਤਾ ਗਿਆ। ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਇਸ ਮੀਟਿੰਗ ਵਿੱਚ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ, ਵਿਸ਼ੇਸ਼ ਸਕੱਤਰ ਸ੍ਰੀ ਕਰੁਨੇਸ਼ ਸ਼ਰਮਾ, ਡਾਇਰੈਕਟਰ ਡਾਕਟਰ ਅਵਨੀਸ਼ ਕੁਮਾਰ, ਸੰਯੁਕਤ ਡਾਇਰੈਕਟਰ ਡਾਕਟਰ ਅਕਾਸ਼ਦੀਪ ਅਗਰਵਾਲ ਅਤੇ ਬਾਬਾ ਫਰੀਦ ਯੁਨਿਵਰਸੀਟੀ ਦੇ ਕੁਲਪਤੀ ਡਾਕਟਰ ਰਾਜ ਬਹਾਦਰ, ਗੁਰੂ ਰਵੀਦਾਸ ਯੁਨਿਵਰਸੀਟੀ ਦੇ ਕੁਲਪਤੀ ਸ਼੍ਰੀ ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਸਰਕਾਰੀ ਮੈਡੀਕਲ ਕਾਲਜ , ਆਯੂਰਵੈਦਿਕ ਕਾਲਜ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।
ਮੀਟਿੰਗ ਦੌਰਾਨ ਸ਼੍ਰੀ ਸੋਨੀ ਨੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਲੋਂ ਕੋਵਿਡ 19 ਤੋਂ ਪੀੜਤ ਮਰੀਜ਼ਾਂ ਅਤੇ ਸ਼ੱਕੀ ਮਰੀਜ਼ਾਂ ਨੂੰ ਦਿੱਤੀ ਜਾ ਰਹੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਇਨ੍ਹਾਂ ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਲੋਂ ਬਹੁਤ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ। ਮੀਟਿੰਗ ਦੌਰਾਨ ਸ੍ਰੀ ਸੋਨੀ ਨੂੰ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੈਡੀਕਲ ਕਾਲਜ ਵਿੱਚ ਇਲਾਜ ਕਰਵਾ ਕੇ ਕਰੋਨਾ ਵਾਇਰਸ ਨੂੰ ਮਾਤ ਦੇਣ ਵਾਲੇ ਸਾਰੇ ਠੀਕ ਹੋਏ ਵਿਅਕਤੀਆਂ ਨੂੰ ਪਲਾਜਮਾ ਦਾਨ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਾਰੇ ਮੈਡੀਕਲ ਕਾਲਜ ਰੋਜ਼ਾਨਾ ਕਰੋਨਾ ਵਾਇਰਸ ਦਾ ਇਲਾਜ ਲਈ ਭਰਤੀ ਹੋਣ ਵਾਲੇ ਮਰੀਜ਼ਾਂ ਅਤੇ ਪਹਿਲਾਂ ਤੋਂ ਇਲਾਜ ਅਧੀਨ ਮਰੀਜ਼ਾਂ ਬਾਰੇ ਹੈਡਕੁਆਰਟਰ ਨੂੰ ਰਿਪੋਰਟ ਭੇਜਣ ।
ਸ੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਸੁਚਾਰੂ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਇਸ ਵਿਚ ਯੋਗਦਾਨ ਪਾਉਣ ਲਈ ਠੀਕ ਹੋਏ ਮਰੀਜ ਨੂੰ ਵਿੱਤੀ ਦਾਨ ਦੇਣ ਲਈ ਵੀ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਇਸ ਮੌਕੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਤਾਇਨਾਤ ਸੀਨੀਅਰ ਡਾਕਟਰਾਂ ਨੂੰ ਵਾਰਡ ਵਿੱਚ ਰੋਜ਼ਾਨਾ ਰਾਊਂਡ ਲੈਣ ਦੇ ਹੁਕਮ ਵੀ ਦਿੱਤੇ। ਸੋਨੀ ਨੇ ਇਸ ਮੌਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ, ਗੁਰੂ ਰਵੀਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰਜ ਅਤੇ ਨਿਰਦੇਸ਼ਕ ਡਾਕਟਰੀ ਸਿੱਖਿਆ ਅਤੇ ਖੋਜ ਨੂੰ ਕਿਹਾ ਕਿ ਉਹ ਰਾਜ ਦੇ ਆਪਣੇ ਅਧੀਨ ਆਉਂਦੇ ਕਾਲਜਾਂ ਅਤੇ ਹਸਪਤਾਲਾਂ ਦਾ ਦੋਰਾ ਕਰਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਰਕਾਰੀ ਮੈਡੀਕਲ ਕਾਲਜ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਹੂਲਤ ਨਾਲ ਲੈਸ ਬੈਡਾਂ ਦੀ ਗਿਣਤੀ ਵਧਾਉਣ ਦੇ ਹੁਕਮ ਵੀ ਦਿੱਤੇ। ਸ਼੍ਰੀ ਸੋਨੀ ਨੇ ਇਸ ਸਿਹਤ ਸੰਕਟ ਨੂੰ ਜਿੱਤਣ ਲਈ ਇਸ ਕੰਮ ਵਿੱਚ ਸ਼ਾਮਲ ਸਾਰੇ ਡਾਕਟਰਾਂ ਅਤੇ ਅਮਲੇ ਦਾ ਸ਼ਲਾਘਾ ਕੀਤਾ ।